'ਕੈਪਟਨ ਨੇ ਭ੍ਰਿਸ਼ਟ ਕਾਂਗਰਸੀਆਂ ਦੀ ਸ਼ਿਕਾਇਤ ਗਾਂਧੀ ਪਰਿਵਾਰ ਨੂੰ ਲਾਈ ਪਰ ਕਾਰਵਾਈ ਕਿਓਂ ਨਾ ਕੀਤੀ'
ਮਾਨ ਨੇ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਦੋਸ਼ੀ ਮੰਤਰੀਆਂ, ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ?
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵੱਲੋਂ ਭ੍ਰਿਸ਼ਟਾਚਾਰੀ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਉਨ੍ਹਾਂ ਦੀਆਂ ਸੂਚੀਆਂ ਦਿੱਲੀ ਦਰਬਾਰ ਵਿੱਚ ਰਾਹੁਲ ਗਾਂਧੀ ਨੂੰ ਸੌਂਪਣ ਦੇ ਮਾਮਲੇ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ ਜੋ ਮਾਫੀਆ ਚਲਾ ਰਹੇ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਥਾਂ ਹਾਈਕਮਾਂਡ ਕੋਲ ਸ਼ਿਕਾਇਤਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਮਜ਼ੋਰ ਮੁੱਖ ਮੰਤਰੀ ਪੰਜਾਬ ਲਈ ਵਿਨਾਸ਼ਕਾਰੀ ਸਿੱਧ ਹੋ ਰਿਹਾ ਹੈ, ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।
ਮਾਨ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਇਆ ਹੈ ਨਾ ਕਿ ਰਾਹੁਲ ਗਾਂਧੀ ਨੂੰ। 'ਆਪ' ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚੋਂ ਮਾਫੀਆ ਰਾਜ ਤਾਂ ਕੀ ਖਤਮ ਕਰਨਾ ਸੀ, ਸਗੋਂ ਕਾਂਗਰਸੀਆਂ ਨੇ ਅਕਾਲੀਆਂ ਵੱਲੋਂ ਸਥਾਪਿਤ ਕੀਤੇ ਮਾਫੀਆ ਰਾਜ ਇਸ ਵਿੱਚ ਹਿੱਸਾ ਪਾ ਲਿਆ ਅਤੇ ਰੇਤ, ਬਜਰੀ, ਸ਼ਰਾਬ, ਟਰਾਂਸਪੋਰਟ, ਕੇਬਲ ਮਾਫੀਆ ਆਦਿ ਦੇ ਨਾਲ ਨਾਲ ਵੈਕਸੀਨ ਅਤੇ ਨੌਕਰੀ ਮਾਫੀਆ ਵੀ ਕੈਪਟਨ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਥਾਪਤ ਕਰ ਲਿਆ।
ਭਗਵੰਤ ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ ਜਿਹੜਾ ਕੈਪਟਨ ਅਮਰਿੰਦਰ ਸਿੰਘ ਸਟੇਜਾਂ 'ਤੇ ਖੜ੍ਹ ਕੇ ਮਾਫੀਆ ਰਾਜ ਖਤਮ ਕਰਨ ਦੀਆਂ ਫੜ੍ਹਾਂ ਮਾਰਦਾ ਸੀ ਅਤੇ ਉਹ ਮੁੱਖ ਮੰਤਰੀ ਬਣ ਕੇ ਚਾਰ ਸਾਲਾਂ ਤੋਂ ਮਾਫੀਆ ਰਾਜ ਸਥਾਪਤ ਕਰਨ ਵਾਲੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਫਾਇਲਾਂ ਹੀ ਤਿਆਰ ਕਰਦਾ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਫੀਆ ਦੇ ਸਰਪ੍ਰਸਤਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਕਾਂਗਰਸ ਦੀ ਹਾਈਕਮਾਂਡ ਨੂੰ ਸ਼ਿਕਾਇਤਾਂ ਕਰ ਰਿਹਾ ਹੈ। ਮਾਨ ਨੇ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਦੋਸ਼ੀ ਮੰਤਰੀਆਂ, ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ?
ਮਾਨ ਨੇ ਕਿਹਾ ਕਿ ਕੈਪਟਨ ਨੇ ਮਾਫੀਆ ਨਾਲ ਸੰਬੰਧਤ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਲੁਕਾ ਕੇ ਪੰਜਾਬ ਵਾਸੀਆਂ ਨੂੰ ਧੋਖਾ ਦਿੱਤਾ ਹੈ, ਸੱਚ ਤਾਂ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਹੀ ਮਾਫੀਆ ਰਾਜ ਦਾ ਸਰਪ੍ਰਸਤ ਬਣਿਆ ਹੋਇਆ ਹੈ। ਮਾਨ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਂਡ ਨੂੰ ਦਿੱਤੀ ਵਿਧਾਇਕਾਂ ਤੇ ਮੰਤਰੀਆਂ ਦੀ ਸੂਚੀ ਜਨਤਕ ਕਰਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਮਾਫੀਆ ਰਾਜ ਨਾਲ ਸੰਬੰਧਤ ਕਾਂਗਰਸੀਆਂ ਦਾ ਪਤਾ ਚੱਲ ਸਕੇ।