Ludhiana News:  ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। 


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ।


ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।