Bhagwant Mann announces martyrdom of Shaheed Bhagat Singh, Shaheed Rajguru and Shaheed Sukhdev


ਖਟਕੜ ਕਲਾਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ--ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਅਰਪਿਤ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਅਤੇ ਸੁਹਿਰਦ ਯਤਨ ਕੀਤੇ ਜਾਣਗੇ।


ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਅਤੇ ਉਨ੍ਹਾਂ ਦੇ ਦੋਵਾਂ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਸਾਡੀ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀਆਂ ਸੀ। ਉਨ੍ਹਾਂ ਅਫ਼ਸੋਸ ਜਾਹਰ ਕਰਦਿਆਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਆਜ਼ਾਦੀ ਦੇ 70 ਸਾਲ ਤੋਂ ਵੱਧ ਸਮਾਂ ਬੀਤ ਜਾਣ ਪਿੱਛੋਂ ਵੀ ਇਨ੍ਹਾਂ ਕੌਮੀ ਨਾਇਕਾਂ ਨੂੰ ਇਹ ਦਰਜਾ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸ਼ਹਾਦਤ ਦੀ ਸਦਾ ਰਿਣੀ ਰਹੇਗੀ।


ਸ਼ਹੀਦ--ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦ ਭਗਤ ਸਿੰਘ ਦੀ ਸੁਹਿਰਦ ਸੋਚ `ਤੇ ਡੱਟ ਕੇ ਪਹਿਰਾ ਦੇਣ ਅਤੇ ਖੁਸ਼ਹਾਲ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਘਰਸ਼ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਤਾਕਤਾਂ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰੇ ਹੀ ਆਪਣੀ ਜਾਨ ਵਾਰ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਨਾਇਕ ਦੀ ਇੱਛਾ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।


ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਦੇਸ਼ ਅਤੇ ਸੂਬੇ ਵਿੱਚ ਸੱਤਾ ਸੰਭਾਲਣ ਵਾਲਿਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਅਮਲੀ ਜਾਮਾ ਪਵਾਉਣ ਲਈ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਉਨ੍ਹਾਂ ਮੁਲਕਾਂ ਵਿੱਚ ਹੀ ਜਾਣ ਲਈ ਮਜਬੂਰ ਹੋਣਾ ਪਿਆ ਜਿਨ੍ਹਾਂ ਦੇ ਮੂਲ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੇ ਲੰਮੇ ਅਜ਼ਾਦੀ ਸੰਘਰਸ਼ ਤੋਂ ਬਾਅਦ ਦੇਸ਼ ਤੋਂ ਬਾਹਰ ਕੱਢਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਸਹਿਯੋਗ ਨਾਲ ਇਸ ਮੰਦਭਾਗੇ ਰੁਝਾਨ ਨੂੰ ਠੱਲ੍ਹ ਪਾਈ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ `ਆਪ` ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਮਦਦ ਤੋਂ ਬਿਨਾਂ ਇਹ ਮਹੱਤਵਪੂਰਨ ਕਾਰਜ ਪੂਰਾ ਨਹੀਂ ਕੀਤਾ ਜਾ ਸਕਦਾ।


ਇਸ ਦੌਰਾਨ ਮੁੱਖ ਮੰਤਰੀ ਨੇ ਖਟਕੜ ਕਲਾਂ ਸਥਿਤ ਅਜਾਇਬ ਘਰ ਦਾ ਦੌਰਾ ਵੀ ਕੀਤਾ। ਭਾਵੁਕ ਹੋ ਕੇ ਭਗਵੰਤ ਮਾਨ ਨੇ ਵਿਜ਼ਟਰ ਬੁੱਕ ਵਿੱਚ ਲਿਖਿਆ, “ਖਟਕੜ ਕਲਾਂ ਦੀ ਪਵਿੱਤਰ ਧਰਤੀ ਹਮੇਸ਼ਾਂ ਮੇਰੇ ਦਿਲ ਦੇ ਬਹੁਤ ਨੇੜੇ ਰਹੀ ਹੈ। ਅਜਾਇਬ ਘਰ ਵਿੱਚ ਦਰਸਾਏ ਸ਼ਹੀਦ ਦੇ ਜੀਵਨ ਵੇਰਵਿਆਂ ਅਤੇ ਨਿੱਜੀ ਚੀਜ਼ਾਂ ਨੇ ਮੈਨੂੰ ਭਾਵੁਕ ਕਰ ਦਿੱਤਾ ਹੈ। ਸ਼ਹੀਦ--ਆਜ਼ਮ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਨੈਤਿਕ ਫਰਜ਼ ਹੈ।”


ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ `ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਵੀ ਅਰਪਣ ਕੀਤੇ। ਉਨ੍ਹਾਂ ਨੇ ਸਰਦਾਰ ਭਗਤ ਸਿੰਘ ਦੇ ਪਰਿਵਾਰ ਦੇ ਜੱਦੀ ਘਰ ਨੂੰ ਵੀ ਸਿਜਦਾ ਕੀਤਾ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ।


ਇਹ ਵੀ ਪੜ੍ਹੋ: