ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਵੀ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਨਹੀਂ ਪਾ ਸਕੀ। ਨਾਜਾਇਜ਼ ਮਾਈਨਿੰਗ ਦੀਆਂ ਰੋਜ਼ਾਨਾ ਰਿਪੋਰਟਾਂ ਆ ਰਹੀਆਂ ਹਨ ਪਰ ਇਸ ਬਾਰੇ ਸਭ ਤੋਂ ਵੱਡਾ ਖੁਲਾਸਾ ਭਾਰਤੀ ਫੌਜ ਤੇ ਬੀਐਸਐਫ ਨੇ ਕੀਤਾ ਹੈ। ਭਾਰਤੀ ਫੌਜ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ ਸਰਹੱਦੀ ਇਲਾਕਿਆਂ ਵਿੱਚ ਧੜੱਲੇ ਨਾਲ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਫੌਜ ਦਾ ਕਹਿਣਾ ਹੈ ਕਿ ਹਾਲਾਤ ਇਹ ਹਨ ਕਿ ਉਨ੍ਹਾਂ ਦੇ ਬੰਕਰਾਂ ਨੂੰ ਵੀ ਖਤਰਾ ਹੈ।
ਦੱਸ ਦਈਏ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਨਾਜਾਇਜ਼ ਖਣਨ ਦੇ ਮਾਮਲੇ ’ਤੇ ਵੀਰਵਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋਈ। ਭਾਰਤੀ ਫ਼ੌਜ ਤੇ ਬੀਐਸਐਫ ਨੇ ਜਵਾਬ ਦਾਇਰ ਕਰ ਕੇ ਕੌਮਾਂਤਰੀ ਸੀਮਾ ਨੇੜਲੇ ਖੇਤਰਾਂ ’ਚ ਗ਼ੈਰਕਾਨੂੰਨੀ ਖਣਨ ਦੇ ਭੇਤ ਖੋਲ੍ਹੇ ਹਨ ਤੇ ਕੌਮੀ ਸੁਰੱਖਿਆ ਨੂੰ ਦਰਪੇਸ਼ ਖ਼ਤਰਿਆਂ ਬਾਰੇ ਗੱਲ ਵੀ ਕੀਤੀ ਹੈ। ਕੇਂਦਰੀ ਵਾਤਾਵਰਨ ਮੰਤਰਾਲੇ ਨੇ ਵੀ ਹਾਈ ਕੋਰਟ ’ਚ ਜਵਾਬ ਦਾਇਰ ਕੀਤਾ। ਪਟੀਸ਼ਨਰ ਨੇ ਧਿਰ ਨੇ ਕਿਹਾ ਕਿ ਕੌਮਾਂਤਰੀ ਸੀਮਾ ਨੇੜੇ ਹਾਲੇ ਵੀ ਮਾਈਨਿੰਗ ਜਾਰੀ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਅਗਲੀ ਸੁਣਵਾਈ 27 ਅਕਤੂਬਰ ’ਤੇ ਪਾ ਦਿੱਤੀ ਹੈ।
ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਵੀ ਟਵੀਟ ਕਰਦਿਆਂ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ।
ਹਾਈ ਕੋਰਟ ਵਿੱਚ ਬੀਐਸਐਫ ਨੇ ਆਖਿਆ ਕਿ ਪੰਜਾਬ ਵਿੱਚ ਕੌਮਾਂਤਰੀ ਸੀਮਾ ਲਾਗੇ ਸੂਰਜ ਚੜ੍ਹਨ ਤੋਂ ਪਹਿਲਾਂ ਮਾਈਨਿੰਗ ਸ਼ੁਰੂ ਹੋ ਜਾਂਦੀ ਹੈ ਤੇ ਦੇਰ ਸ਼ਾਮ ਤੱਕ ਇਹ ਕੰਮ ਚੱਲਦਾ ਰਹਿੰਦਾ ਹੈ। ਕਈ ਦਫ਼ਾ ਤਾਂ ਪੂਰੀ ਰਾਤ ਮਾਈਨਿੰਗ ਜਾਰੀ ਰਹਿੰਦੀ ਹੈ। ਇਸ ਬਾਰੇ ਸਮੇਂ-ਸਮੇਂ ’ਤੇ ਸਿਵਲ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਹੈ ਪਰ ਹਾਲੇ ਵੀ ਖਣਨ ਦਾ ਕੰਮ ਚੱਲ ਰਿਹਾ ਹੈ। ਇਸ ਕਾਰਨ ਸਰਹੱਦੀ ਖੇਤਰ ਵਿੱਚ ਡੂੰਘੇ ਟੋਏ ਪੈ ਗਏ ਹਨ ਜਿਸ ਨਾਲ ਪਾਣੀ ਦਾ ਕੁਦਰਤੀ ਵਹਾਅ ਵੀ ਬਦਲ ਸਕਦਾ ਹੈ।
ਇਸ ਤੋਂ ਇਲਾਵਾ ਕੌਮਾਂਤਰੀ ਸਰਹੱਦ ਤੋਂ ਪਾਰ ਸੁਰੰਗ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਬੀਐਸਐਫ ਨੇ ਇਸ ਨੂੰ ਕੌਮੀ ਸੁਰੱਖਿਆ ਲਈ ਵੱਡਾ ਖ਼ਤਰਾ ਦੱਸਿਆ ਹੈ। ਉਨ੍ਹਾਂ ਬੰਕਰਾਂ ਨੂੰ ਵੀ ਨੁਕਸਾਨ ਪੁੱਜਣ ਦਾ ਖ਼ਦਸ਼ਾ ਜ਼ਾਹਰ ਕੀਤਾ ਹੈ। ਫ਼ੌਜ ਨੇ ਜਵਾਬ ਵਿੱਚ ਕਿਹਾ ਹੈ ਕਿ ਗ਼ੈਰਕਾਨੂੰਨੀ ਮਾਈਨਿੰਗ ਆਈਐੱਸਆਈ ਦੇ ਕੰਟਰੋਲ ਵਾਲੇ ਤਸਕਰਾਂ ਤੇ ਦੇਸ਼ ਵਿਰੋਧੀ ਤੱਤਾਂ ਦੇ ਗੱਠਜੋੜ ਨੂੰ ਮੌਕਾ ਦੇ ਸਕਦੀ ਹੈ। ਇਸ ’ਤੇ ਹਾਈ ਕੋਰਟ ਦੇ ਬੈਂਚ ਨੇ ਚਿੰਤਾ ਵੀ ਜ਼ਾਹਰ ਕੀਤੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।