Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਤੇ ਸੇਵਾ ਕਰ (ਜੀਐਸਟੀ) ਤੋਂ ਨੈਟ ਪ੍ਰਾਪਤੀਆਂ ਵਿੱਚ 16.61 ਫੀਸਦੀ ਦਾ ਵਾਧਾ ਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45 ਫੀਸਦੀ ਦਾ ਵਾਧਾ ਦਰ ਦਰਜ ਕੀਤਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2022-23 ਵਿੱਚ ਨਵੰਬਰ ਤੱਕ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 11967.76 ਕਰੋੜ ਰੁਪਏ ਸੀ ਜਦੋਂਕਿ ਚਾਲੂ ਮਾਲੀ ਸਾਲ ਦੌਰਾਨ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 13955.38 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨੈਟ ਜੀਐਸਟੀ ਪ੍ਰਾਪਤੀ ਵਿੱਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।
ਆਬਕਾਰੀ ਤੋਂ ਪ੍ਰਾਪਤ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਹੈ ਜਦੋਂਕਿ ਵਿੱਤੀ ਸਾਲ 2022-23 ਦੇ ਪਹਿਲੇ 8 ਮਹੀਨਿਆਂ ਵਿੱਚ ਕੁੱਲ ਜੀਐਸਟੀ ਮਾਲੀਆ 5336.61 ਕਰੋੜ ਰੁਪਏ ਸੀ, ਇਸ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੰਬਰ ਤੱਕ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਨੈੱਟ 13.89 ਪ੍ਰਤੀਸ਼ਤ ਦੇ ਵਾਧਾ ਪ੍ਰਾਪਤ ਹੋਇਆ ਹੈ।
ਸੂਬੇ ਦੇ ਆਪਣੇ ਕਰ ਮਾਲੀਏ ਵਿੱਚ ਵਾਧੇ ਬਾਰੇ ਦਾਅਵਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸ ਕੇ ਤੇ ਕਰ ਪ੍ਰਣਾਲੀ ਨੂੰ ਸਰਲ ਬਣਾ ਕੇ ਇਮਾਨਦਾਰ ਕਰਦਾਤਾਵਾਂ ਨੂੰ ਸਹੂਲਤ ਦਿੰਦਿਆਂ ਆਪਣੇ ਕਰ ਮਾਲੀਆ ਵਿੱਚ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਰਾਜ ਦੀਆਂ 8 ਮਹੀਨਿਆਂ ਦੀਆਂ ਕਰ ਪ੍ਰਾਪਤੀਆਂ ਨੇ 25 ਹਜ਼ਾਰ ਕਰੋੜ ਦੇ ਅੰਕੜੇ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਮਹੀਨੇ ਦੇ ਅੰਤ ਤੱਕ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਤੇ ਆਬਕਾਰੀ ਤੋਂ 24965.59 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ: Viral Video: ਵਰਮਾਲਾ ਦੌਰਾਨ ਲਾੜਾ-ਲਾੜੀ ਵਿਚਾਲੇ ਛਿੜਿਆ ਮਹਾਭਾਰਤ, ਕੁੜੀ ਨੇ ਮੂੰਹ 'ਤੇ ਸੁੱਟੀਆਂ ਮਠਿਆਈਆਂ, ਲੜਕੇ ਨੇ ਮਾਰੇ ਕਈ ਥੱਪੜ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆ ਕੇ ਸੂਬੇ ਦੇ ਆਪਣੇ ਮਾਲੀਏ ਵਿੱਚ ਭਾਰੀ ਵਾਧਾ ਕੀਤਾ ਹੈ ਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਵਾਧੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬੇ ਨੂੰ ਵਿਕਾਸ ਤੇ ਖੁਸ਼ਹਾਲੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।