ਚੰਡੀਗੜ੍ਹ: ਪੰਜਾਬ ਵਿੱਚ ਕੇਂਦਰੀ ਨੀਮ ਫ਼ੌਜੀ ਬਲਾਂ ਦੀਆਂ 10 ਕੰਪਨੀਆਂ ਤਾਇਨਾਤ ਕਰਨ ਦੀਆਂ ਰਿਪੋਰਟਾਂ ਮਗਰੋਂ ਭਗਵੰਤ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਧੂ ਕੇਂਦਰੀ ਸੁਰੱਖਿਆ ਬਲ ਮੰਗ ਕੇ ਰਾਜ ਦੀ ਅਸਲ ਸਥਿਤੀ ਨੂੰ ਸਮਝਿਆ ਹੈ।



ਕੈਪਟਨ ਨੇ ਕਿਹਾ ਕਿ ‘ਆਪ’ ਆਗੂਆਂ ਨੂੰ ਅਹਿਸਾਸ ਹੋਣਾ ਚਾਹੀਦਾ ਹੈ ਕਿ ਕੁਝ ਮਹੀਨੇ ਪਹਿਲਾਂ ਜਦ ਕੇਂਦਰ ਸਰਕਾਰ ਨੇ ਸੀਮਾ ਸੁਰੱਖਿਆ ਬਲਾਂ ਦੇ ਕਾਰਜ ਖੇਤਰ ਨੂੰ 15 ਤੋਂ 30 ਕਿਲੋਮੀਟਰ ਤੱਕ ਵਧਾਉਣ ਦਾ ਫੈਸਲਾ ਕੀਤਾ ਸੀ ਤਾਂ ਇਸੇ ਆਮ ਆਦਮੀ ਪਾਰਟੀ ਨੇ ਉਸ ਫ਼ੈਸਲੇ ਦਾ ਤਿੱਖਾ ਵਿਰੋਧ ਕੀਤਾ ਸੀ।

ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਉਦੋਂ ‘ਆਪ’, ਅਕਾਲੀ ਦਲ ਤੇ ਕਾਂਗਰਸ ਦੇ ਨੇਤਾਵਾਂ ਨੇ ਕੇਂਦਰ ਦੇ ਇਸ ਫੈਸਲੇ ਦਾ ਬਹੁਤ ਵਿਰੋਧ ਕੀਤਾ ਸੀ, ਪਰ ਹੁਣ ‘ਆਪ’ ਨੂੰ ਘੱਟੋ-ਘੱਟ ਉਸ ਫੈਸਲੇ ਦੀ ਜ਼ਰੂਰਤ ਤੇ ਮਹੱਤਤਾ ਸਮਝ ਆ ਗਈ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਸਰਹੱਦ ਪਾਰ ਤੋਂ ਗੰਭੀਰ ਸੁਰੱਖਿਆ ਖ਼ਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ ‘ਆਪ’ ਸਰਕਾਰ ਤੇ ਖਾਸ ਤੌਰ ’ਤੇ ਅਰਵਿੰਦ ਕੇਜਰੀਵਾਲ ਨੇ ਲਗਾਤਾਰ ਇਸ ਤੋਂ ਇਨਕਾਰ ਕੀਤਾ ਹੈ, ਪਰ ਹੁਣ ਲੱਗਦਾ ਹੈ ਕਿ ਉਨ੍ਹਾਂ ਨੇ ਖਤਰੇ ਦੀ ਤੀਬਰਤਾ ਨੂੰ ਸਮਝ ਲਿਆ ਹੈ ਤੇ ਕੇਂਦਰ ਨੂੰ ਵਾਧੂ ਬਲਾਂ ਦੀ ਬੇਨਤੀ ਕੀਤੀ ਹੈ।  

ਦੱਸ ਦਈਏ ਕਿ ਪੰਜਾਬ ਵਿੱਚ ਅਤਿਵਾਦੀਆਂ ਤੇ ਗੈਂਗਸਟਰਾਂ ਦੀਆਂ ਵਧ ਰਹੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਕੇਂਦਰੀ ਨੀਮ ਫ਼ੌਜੀ ਬਲਾਂ ਦੀਆਂ 10 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 30 ਦੇ ਕਰੀਬ ਕੰਪਨੀਆਂ ਦੀ ਮੰਗ ਕੀਤੀ ਸੀ ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ 10 ਕੰਪਨੀਆਂ ਹੀ ਦਿੱਤੀਆਂ ਹਨ।