Punjab News: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਾਜਪਾ ਉੱਤੇ ‘ਆਪ’ ਵਿਧਾਇਕਾਂ ਨੂੰ ਖ਼ਰੀਦਣ ਦੇ ਲਗਾਏ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਉੱਪਰ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਵਾਅਦੇ ਪੂਰੇ ਨਾ ਕਰਨ ’ਤੇ ਲੋਕ ਰੋਹ ਨੂੰ ਵੇਖਦਿਆਂ ਵਿੱਤ ਮੰਤਰੀ ਬੁਖਲਾਹਟ ਵਿੱਚ ਹਨ। 


ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਚੀਮਾ ਵੱਲੋਂ ਲਗਾਏ ਗਏ ਦੋਸ਼ ਜਾਂ ਤਾਂ ਉਹ ਸਾਬਤ ਕਰਨ ਨਹੀਂ ਤਾਂ ਭਾਰਤੀ ਜਨਤਾ ਪਾਰਟੀ ਇਸ ਖ਼ਿਲਾਫ਼ ਚੁੱਪ ਕਰ ਕੇ ਨਹੀਂ ਬੈਠੇਗੀ ਤੇ ਆਪਣੀ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਆਪਸੀ ਖਿੱਚੋਤਾਣ ਕਾਰਨ ਪਹਿਲਾਂ ਅਰਵਿੰਦ ਕੇਜਰੀਵਾਲ ਝੂਠ ਦਾ ਸਹਾਰਾ ਲੈ ਰਹੇ ਸਨ ਤੇ ਹੁਣ ਪਾਰਟੀ ਦੀ ਪੰਜਾਬ ਇਕਾਈ ਨੇ ਵੀ ਇਹ ਖੇਡ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮਸਲਿਆਂ ਤੋਂ ਭਟਕਾਇਆ ਜਾ ਸਕੇ। 


ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਹਰ ਵਰਗ ਦੁਖੀ ਹੈ, ਕਿਉਂਕਿ ਸਰਕਾਰ ਨੇ ਛੇ ਮਹੀਨਿਆਂ ’ਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦੌਰਾਨ ਧਰਨਾ ਨਾ ਲੱਗਣ ਦਾ ਕੀਤਾ ਗਿਆ ਐਲਾਨ ਵੀ ਖੋਖਲਾ ਸਾਬਤ ਹੋ ਰਿਹਾ ਹੈ ਕਿਉਂਕਿ ਅੱਜ ਹਰ ਵਰਗ ਵਾਅਦੇ ਪੂਰੇ ਨਾ ਹੋਣ ’ਤੇ ਸੰਘਰਸ਼ ਦੇ ਰਾਹ ਤੁਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਪਣੀ ਅਸਫ਼ਲਤਾ ’ਤੇ ਪਰਦਾ ਪਾਉਣ ਲਈ ਅਜਿਹੇ ਬਿਆਨ ਦੇ ਰਹੀ ਹੈ।


ਉਧਰ, ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰਨਾਂ ਆਗੂਆਂ ਵੱਲੋਂ ਭਾਜਪਾ ’ਤੇ ‘ਆਪ’ ਵਿਧਾਇਕਾਂ ਨੂੰ ਖਰੀਦੋ-ਫਰੋਖ਼ਤ ਲਈ ਰਿਸ਼ਵਤ ਦੇਣ ਦੇ ਲਾਏ ਦੋਸ਼ਾਂ ਸਬੰਧੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਰਾਬ ਨੀਤੀ ਨੂੰ ਲੈ ਕੇ ਸੂਬਾ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਧਿਆਨ ਹਟਾਉਣ ਲਈ ਇਹ ਡਰਾਮਾ ਰਚਿਆ ਜਾ ਰਿਹਾ ਹੈ। 


ਚੁੱਘ ਨੇ ਕਿਹਾ ਕਿ ‘ਆਪ’ ਸਰਕਾਰ ਫਰਜ਼ੀ ਫੋਨ ਕਾਲਾਂ ਦੇ ਆਧਾਰ ’ਤੇ ਡੀਜੀਪੀ ਨੂੰ ਸ਼ਿਕਾਇਕਾਂ ਕਰਕੇ ਗੁਮਰਾਹਕੁਨ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਵਿਧਾਇਕਾਂ ਨੂੰ ਖਰੀਦਣ ਦੇ ਦਾਅਵਿਆਂ ’ਚ ਦਮ ਹੈ ਤਾਂ ਆਮ ਆਦਮੀ ਪਾਰਟੀ ਇਹ ਸਾਰਾ ਮਾਮਲਾ ਸੀਬੀਆਈ ਨੂੰ ਦੇਵੇ, ਕਿਉਂਕਿ ਕੇਂਦਰੀ ਏਜੰਸੀ ਹੀ ਇਸ ਤੋਂ ਪਰਦਾ ਚੁੱਕ ਸਕਦੀ ਹੈ।