ਚੰਡੀਗੜ੍ਹ: ਪੰਜਾਬ ਦੇ ਅਗਲੇ ਮਹੀਨੇ ਪੇਸ਼ ਹੋਣ ਵਾਲੇ ਬਜਟ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੇਪਰਲੈਸ ਬਜਟ ਪੇਸ਼ ਕਰੇਗੀ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਖਜ਼ਾਨੇ ਨੂੰ 21 ਲੱਖ ਰੁਪਏ ਦੀ ਬੱਚਤ ਹੋਵੇਗੀ ਤੇ ਇਸ ਦੇ ਨਾਲ ਹੀ 34 ਟਨ ਕਾਗਜ਼ ਦੀ ਵੀ ਬੱਚਤ ਹੋਵੇਗੀ।

ਮਾਨ ਨੇ ਇਸ ਨੂੰ ਈ-ਗਵਰਨੈਂਸ ਵੱਲ ਇੱਕ ਕਦਮ ਦੱਸਿਆ। ਉਨ੍ਹਾਂ ਟਵੀਟ ਕਰਕੇ ਕਿਹਾ, ''ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ ਹੈ। ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੇਪਰਲੈਸ ਬਜਟ ਹੋਵੇਗਾ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੀਬ 21 ਲੱਖ ਰੁਪਏ ਦੀ ਬਚਤ ਹੋਵੇਗੀ। 34 ਟਨ ਕਾਗਜ਼ ਦੀ ਬਚਤ ਹੋਵੇਗੀ। ਇਸ ਦਾ ਮਤਲਬ ਹੈ ਕਿ ਇਹ 814-834 ਰੁੱਖਾਂ ਨੂੰ ਬਚਾਇਆ ਜਾ ਸਕੇਗਾ। ਈ-ਗਵਰਨੈਂਸ ਵੱਲ ਇੱਕ ਹੋਰ ਕਦਮ।

ਦੱਸਣਯੋਗ ਹੈ ਕਿ ਮਾਰਚ ਵਿੱਚ ਪੰਜਾਬ ਵਿਧਾਨ ਸਭਾ ਨੇ ਵਿੱਤੀ ਸਾਲ 2022-23 ਦੀ ਪਹਿਲੀ ਤਿਮਾਹੀ, ਅਪ੍ਰੈਲ ਤੋਂ ਜੂਨ ਤੱਕ ਦੇ ਲੇਖਾ-ਜੋਖਾ ਨੂੰ ਪਾਸ ਕੀਤਾ ਸੀ। ਹੁਣ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ।

ਬਜਟ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਵਿਸ਼ੇਸ਼ ਤਿਆਰੀਆਂ  
ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੇ ਪਹਿਲੇ ਬਜਟ ਨੂੰ ਵਿਸ਼ੇਸ਼ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦੇ ਪਹਿਲੇ ਬਜਟ ਲਈ ਲੋਕਾਂ ਤੋਂ ਸੁਝਾਅ ਮੰਗੇ ਸਨ। ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਸੁਝਾਅ ਅਨੁਸਾਰ ਹੀ ਆਪਣਾ ਬਜਟ ਪੇਸ਼ ਕਰੇਗੀ। ਆਮ ਆਦਮੀ ਪਾਰਟੀ ਮਾਰਚ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 92 ਸੀਟਾਂ ਜਿੱਤ ਕੇ ਸੂਬੇ ਵਿੱਚ ਸੱਤਾ ਵਿੱਚ ਆਈ ਸੀ।