Punjab News: ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਦਾਅਵਾ, 6 ਮਹੀਨਿਆਂ 'ਚ ਨਾਜਾਇਜ਼ ਮਾਈਨਿੰਗ ਖ਼ਤਮ
Punjab News: ਆਮ ਆਦਮੀ ਪਾਰਟੀ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਵੱਡਾ ਮੁੱਦਾ ਬਣਾ ਰਹੀ ਹੈ। ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਭਗਵੰਤ ਮਾਨ ਦੀ ਸਰਕਾਰ ਨਵੀਂ ਨੀਤੀ ਲੈ ਕੇ ਆਵੇਗੀ।
Bhagwant Mann Government to introduce new policy against Sand mining inform harjot bains
Punjab News: ਪੰਜਾਬ 'ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਐਕਸ਼ਨ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਵੱਡਾ ਮੁੱਦਾ ਬਣਾਇਆ ਸੀ। ਪੰਜਾਬ ਦੇ ਨਵ-ਨਿਯੁਕਤ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬੇ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਦੇ ਖਾਤਮੇ ਲਈ ਛੇ ਮਹੀਨਿਆਂ ਵਿੱਚ ਨਵੀਂ ਨੀਤੀ ਲਿਆਂਦੀ ਜਾਵੇਗੀ।
ਬੈਂਸ ਨੂੰ ਜੇਲ੍ਹ ਵਿਭਾਗ ਵੀ ਸੌਂਪਿਆ ਗਿਆ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਆਪਣੇ ਵਿਭਾਗਾਂ ਦਾ ਚਾਰਜ ਸੰਭਾਲ ਲਿਆ ਹੈ। ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਾਰੀਆਂ ਕਾਨੂੰਨੀ ਥਾਵਾਂ ਦੀ ਸ਼ਨਾਖਤ ਕੀਤੀ ਜਾਵੇ।
ਹਰਜੋਤ ਬੈਂਸ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜਿਆ ਜਾ ਰਿਹਾ ਹੈ ਤੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ‘ਮੈਂ ਛੇ ਮਹੀਨਿਆਂ ਵਿੱਚ ਨਵੀਂ ਨੀਤੀ ਪੇਸ਼ ਕਰਨ ਜਾ ਰਿਹਾ ਹਾਂ, ਜਿਸ ਵਿੱਚ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ’ਤੇ ਮੁਕੰਮਲ ਰੋਕ ਲਾਉਣ ’ਤੇ ਜ਼ੋਰ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਨੇ ਜਾਰੀ ਕੀਤੀ ਹੈਲਪਲਾਈਨ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲਾਉਂਦੀ ਰਹੀ ਹੈ। ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚਮਕੌਰ ਸਾਹਿਬ ਜਾ ਕੇ ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਵੀਡੀਓ ਬਣਾਈ ਸੀ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪਿੱਛੇ ਇਹ ਮੁੱਦਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਐਂਟੀ ਕੁਰੱਪਸ਼ਨ ਐਕਸ਼ਨ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ।