ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਕਿਸੇ ਵੀ ਫ਼ਸਲ 'ਚ ਨੁਕਸਾਨ ਨਹੀਂ ਹੋਣ ਦੇਵੇਗੀ: ਦਿਨੇਸ਼ ਚੱਢਾ
ਚੰਡੀਗੜ੍ਹ :ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ‘ਤੇ ਮੂੰਗੀ ਦੀ ਫ਼ਸਲ ਬੀਜੀ ਸੀ।
ਚੰਡੀਗੜ੍ਹ, 2 ਜੁਲਾਈ : ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੂੰਗੀ ਦੀ ਫ਼ਸਲ ਉਗਾਉਣ ਵਾਲੇ ਕਿਸਾਨਾਂ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਯਕੀਨੀ ਬਣਾਉਣ ਲਈ ਵਾਧੂ ਬੋਨਸ ਦੇਣ ਦੇ ਐਲਾਨ ਨੂੰ 'ਕ੍ਰਾਂਤੀਕਾਰੀ ਕਦਮ' ਕਰਾਰ ਦਿੱਤਾ ਹੈ।
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ‘ਤੇ ਮੂੰਗੀ ਦੀ ਫ਼ਸਲ ਬੀਜੀ ਸੀ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਤੋਂ ਘੱਟ 'ਤੇ ਮੂੰਗੀ ਵੇਚਣ ਵਾਲੇ ਕਿਸਾਨਾਂ ਲਈ ਬੋਨਸ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਕਦਮ 'ਤੇ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਕਿਸਾਨਾਂ ਨੂੰ ਕਿਸੇ ਵੀ ਫ਼ਸਲ 'ਤੇ ਨੁਕਸਾਨ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਇਸ ਬੋਨਸ ਨੇ ਸਾਬਿਤ ਕਰ ਦਿੱਤਾ ਕਿ ਸੂਬੇ ਦੀ ਸਰਕਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ ਹੈ।
ਚੱਢਾ ਨੇ ਕਿਹਾ ਕਿ ਪਹਿਲਾਂ ਅਸੀਂ ਫ਼ਸਲਾਂ ਦੀ ਵਿਭਿੰਨਤਾ ਬਾਰੇ ਸਿਰਫ਼ ਕਿਤਾਬਾਂ ਵਿੱਚ ਹੀ ਪੜ੍ਹਦੇ ਸੀ ਕਿ ਕਣਕ-ਝੋਨੇ ਤੋਂ ਇਲਾਵਾ ਵੀ ਫ਼ਸਲਾਂ ਉਗਾਈਆਂ ਜਾਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨ 'ਤੇ ਇਸ ਨੂੰ ਲਾਗੂ ਕਰਕੇ ਕਿਸਾਨਾਂ 'ਚ ਭਰੋਸਾ ਪੈਦਾ ਕੀਤਾ ਹੈ ਅਤੇ ਕਿਸਾਨ ਪੱਖੀ ਫੈਸਲਿਆਂ ਨਾਲ ਹੀ ਫ਼ਸਲੀ ਵਿਭਿੰਨਤਾ ਪੰਜਾਬ 'ਚ ਹਕੀਕਤ ਬਣੀ ਹੈ।
ਦਸ ਦਈਏ ਕਿ ਫਸਲੀ ਚੱਕਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਨੇ ਇਕ ਮਿਸਾਲੀ ਫੈਸਲੇ ਤਹਿਤ ਮੂੰਗੀ 'ਤੇ MSP ਦਾ ਐਲਾਨ ਕੀਤਾ ਹੈ । ਸਮਰਥਨ ਮੁੱਲ ਤੋਂ ਘੱਟ ਉਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ।
ਸ਼ਨਿੱਚਰਵਾਰ ਨੂੰ ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨੀ ਦੀ ਹਿੱਤਾਂ ਲਈ ਦਿੱਤੀ ਇਸ ਰਾਹਤ ਸਬੰਧੀ ਕਿਸੇ ਕਿਸਮ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਾਰੇ ਮੂੰਗੀ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਫਸਲ ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿੱਚ ਲੋੜੀਂਦੀ ਸੋਧ ਵੀ ਕਰ ਦਿੱਤੀ ਗਈ ਹੈ।