ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸੰਕੇਤ ਭਾਸ਼ਾ ਸਿਖਾਉਣ ਲਈ ਪੰਜਾਬ ਦਾ ਪਹਿਲਾ ਕੇਂਦਰ ਪਟਿਆਲਾ ਵਿਖੇ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਭਲਾਈ ਲਈ ਪਿਛਲੀਆਂ ਸਰਕਾਰਾਂ ਨੇ ਕੋਈ ਕਦਮ ਨਹੀਂ ਚੁੱਕਿਆ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਜਿਹੇ ਵਿਅਕਤੀਆਂ ਨੂੰ ਇਕੱਲੇ ਨੌਕਰੀਆਂ ਦੇ ਵਿਸ਼ੇਸ਼ ਮੌਕੇ ਹੀ ਪ੍ਰਦਾਨ ਨਹੀਂ ਕਰ ਰਹੀ ਸਗੋਂ ਸਾਰੇ ਦਿਵਿਆਂਗਜਨਾਂ ਦੇ ਸ਼ਸ਼ਕਤੀਕਰਨ ਲਈ ਵੀ ਨਿੱਠਕੇ ਕੰਮ ਕਰ ਰਹੀ ਹੈ।

Continues below advertisement

ਪਟਿਆਲਾ ਐਸੋਸੀਏਸ਼ਨ ਆਫ਼ ਡੈਫ਼ ਦੇ ਪ੍ਰਧਾਨ ਜਗਦੀਪ ਸਿੰਘ ਵੱਲੋਂ ਇੱਥੇ ਕਰਵਾਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਹਰ ਨਾਗਰਿਕ ਸੰਕੇਤ ਭਾਸ਼ਾ ਸਿੱਖੇ ਤਾਂ ਕਿ ਅਸੀਂ ਬੋਲਣ ਅਤੇ ਸੁਣਨ ਤੋਂ ਅਸਮਰਥ ਲੋਕਾਂ ਦੀਆਂ ਭਾਵਨਾਵਾਂ ਸਮਝ ਕੇ ਇਨ੍ਹਾਂ ਨਾਲ ਵਾਰਤਾਲਾਪ ਸੁਖਾਂਵੇਂ ਮਾਹੌਲ 'ਚ ਕਰ ਸਕੀਏ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਬਾਜ਼ੀਗਰ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।

ਚੇਤਨ ਸਿੰਘ ਜੌੜਾਮਾਜਰਾ ਨੇ ਬੋਲਣ ਤੇ ਸੁਨਣ ਤੋਂ ਅਸਮਰੱਥ ਵਿਅਕਤੀਆਂ ਵੱਲੋਂ ਜਿੰਦਗੀ ਜਿਊਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਸਲਾਮ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ 'ਚ ਜਜ਼ਬਾ ਆਮ ਵਿਅਕਤੀ ਤੋਂ ਵੀ ਵੱਧ ਹੁੰਦਾ ਹੈ ਪਰੰਤੂ ਇਨ੍ਹਾਂ ਨੂੰ ਸਹੀ ਮੌਕੇ ਪ੍ਰਦਾਨ ਨਹੀਂ ਹੁੰਦੇ। ਉਨ੍ਹਾਂ ਭਰੋਸਾ ਦਿੱਤਾ ਕਿ ਹੁਣ ਭਗਵੰਤ ਮਾਨ ਸਰਕਾਰ ਦਿਵਿਆਂਗਜਨਾਂ ਸਮੇਤ ਸਮੂਹ ਪੰਜਾਬੀਆਂ ਦੀਆਂ ਉਮੀਦਾਂ ਉਪਰ ਪੂਰੀ ਤਰ੍ਹਾਂ ਖਰ੍ਹਾ ਉਤਰੇਗੀ।

Continues below advertisement

ਪਟਿਆਲਾ ਐਸੋਸੀਏਸ਼ਨ ਆਫ਼ ਡੈਫ਼ ਦੇ ਪ੍ਰਧਾਨ ਜਗਦੀਪ ਸਿੰਘ ਨੇ ਬੋਲਣ ਤੇ ਸੁਨਣ ਤੋਂ ਅਸਮਰੱਥ ਵਿਅਕਤੀਆਂ ਦੀਆਂ ਮੰਗਾਂ ਸਿਹਤ ਮੰਤਰੀ ਤੇ ਵਿਧਾਇਕ ਸਾਹਿਬਾਨ ਦੇ ਸਨਮੁੱਖ ਰੱਖਦਿਆਂ ਕਿਹਾ ਕਿ ਅਜਿਹੇ ਵਿਅਕਤੀ ਇਕੱਲੇ ਬੋਲ ਤੇ ਸੁਣ ਨਹੀਂ ਸਕਦੇ ਪ੍ਰੰਤੂ ਦਿਮਾਗੀ ਤੌਰ 'ਤੇ ਉਹ ਡੰਬ ਨਹੀਂ ਹਨ, ਜਿਹਾ ਕਿ ਪਹਿਲਾਂ ਕਿਹਾ ਜਾਂਦਾ ਸੀ। ਇਸ ਲਈ ਇਨ੍ਹਾਂ ਦੀਆਂ ਭਾਵਨਾਂਵਾਂ ਨੂੰ ਸਮਝਣ ਲਈ ਸੰਕੇਤ ਭਾਸ਼ਾ ਸਿਖਾਉਣ ਦੇ ਯੋਗ ਪ੍ਰਬੰਧ ਕੀਤੇ ਜਾਣ।

ਇਸ ਮੌਕੇ ਭਗਤ ਪੂਰਨ ਸਿੰਘ ਡੈਫ ਸਕੂਲ, ਪਟਿਆਲਾ ਸਕੂਲ ਫਾਰ ਡੈਫ਼ ਐਂਡ ਬਲਾਂਇੰਡ ਸਕੂਲ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਦੀ ਦਿਲਕਸ਼ ਪੇਸ਼ਕਾਰੀ ਕੀਤੀ। ਜਦਕਿ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਡੈਫ ਵਿਅਕਤੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ ਗਿਆ।

ਸਮਾਗਮ ਮੌਕੇ ਪੰਜਾਬ ਭਰ ਤੋਂ ਪੁੱਜੇ ਬੋਲਣ ਅਤੇ ਸੁਣਨ ਤੋਂ ਅਸਮਰੱਥ ਐਸੋਸੀਏਸ਼ਨ ਦੇ ਨੁਮਾਇੰਦਿਆਂ ਸਮੇਤ ਆਪ ਦੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਕੇ.ਕੇ. ਕਲੋਨਾਈਜ਼ਰ ਤੋਂ ਯੋਗੇਸ਼ ਕਟਾਰੀਆ, ਐਸ.ਪੀ. ਸਥਾਨਕ ਹਰਵੰਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ, ਡੀ.ਡੀ.ਐਫ. ਪ੍ਰਿਆ ਸਿੰਘ, ਡਾ. ਕਿਰਨ ਕੌਰ, ਮਹਿਲਾ ਆਗੂ ਕੁਲਦੀਪ ਕੌਰ ਵੀ ਮੌਜੂਦ ਸਨ।