ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਸਰਕਾਰ ਨੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਸਰਕਾਰੀ ਗੱਡੀ ਵਾਪਸ ਮੰਗ ਲਈ ਹੈ। ਸੁਖਜਿੰਦਰ ਰੰਧਾਵਾ ਨੂੰ ਨੋਟਿਸ ਭੇਜ ਕੇ ਸਰਕਾਰੀ ਗੱਡੀ ਪੀਬੀ 65ਬੀਏ 1504 ਵਾਪਸ ਦੇਣ ਲਈ ਕਿਹਾ ਗਿਆ ਹੈ। ਇਹ ਗੱਡੀ ਸੁਖਜਿੰਦਰ ਸਿੰਘ ਰੰਧਾਵਾ ਨੂੰ 2018 ਵਿੱਚ ਮੰਤਰੀ ਬਣਨ ਮਗਰੋਂ ਦਿੱਤੀ ਗਈ ਸੀ।


ਸਰਕਾਰ ਨੇ ਕਿਹਾ ਹੈ ਕਿ ਇਹ ਕਾਰ ਸਿਰਫ਼ ਮੰਤਰੀ ਨਾਲ ਹੀ ਚੱਲ ਸਕਦੀ ਹੈ। ਹੁਣ ਰੰਧਾਵਾ ਮੰਤਰੀ ਨਹੀਂ ਰਹੇ, ਇਸ ਲਈ ਇਸ ਕਾਰ ਨੂੰ ਵਾਪਸ ਕਰਨ ਲਈ ਕਿਹਾ ਗਿਆ ਹੈ। ਇਸ ਬਾਰੇ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਨੂੰ ਖੁਦ ਹੀ ਕਾਰ ਵਾਪਸ ਕਰ ਦੇਣੀ ਚਾਹੀਦੀ ਸੀ।




ਵੀਆਈਪੀ ਕਲਚਰ ਨੂੰ ਖਤਮ ਕਰਨ ਲਈ ਸਰਕਾਰ ਚੁੱਕ ਰਹੀ ਕਈ ਕਦਮ 


ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀਆਈਪੀ ਕਲਚਰ ਨੂੰ ਖਤਮ ਕਰਨ ਲਈ ਕਈ ਕਦਮ ਚੁੱਕੇ ਹਨ। ਪਹਿਲਾਂ ਸਰਕਾਰ ਨੇ ਪੰਜਾਬ ਦੇ 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਤੇ ਪਾਇਲਟ ਜਿਪਸੀਆਂ ਵਾਪਸ ਲੈ ਲਈਆਂ ਹਨ। ਇਸ ਵਿੱਚ ਜ਼ਿਆਦਾਤਰ ਕਾਂਗਰਸ ਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ, ਸੇਵਾਮੁਕਤ ਪੁਲਿਸ ਅਧਿਕਾਰੀ ਸ਼ਾਮਲ ਹਨ। ਪ੍ਰਮੁੱਖ ਚਿਹਰਿਆਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ ਸ਼ਾਮਲ ਹਨ।


ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ। ਉਸ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਸੀ। ਇਸ ਦੇ ਇਲਾਵਾ ਇੱਕ ਕਾਰ ਵੀ ਸੀ ਜਿਸ ਨੂੰ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।