ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸੂਬੇ ਵਿੱਚ ਜੁਗਾੜੂ ਰੇਹੜੀਆਂ ’ਤੇ ਪਾਬੰਦੀ ਲਾਉਣ ਵਾਲਾ ਆਪਣਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੁਗਾੜੂ ਰੇਹੜੀਆਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਉਨ੍ਹਾਂ ਹਜ਼ਾਰਾਂ ਲੋਕਾਂ ਲਈ ਸਦਮੇ ਜਿਹਾ ਹੈ , ਜਿਨ੍ਹਾਂ ਨੇ ਸਵੈ-ਰੁਜ਼ਗਾਰ ਲਈ ਸਾਧਨ ਅਪਨਾਏ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਾਲ ਲੋਕ ਸਬਜ਼ੀਆਂ ਵੇਚ ਰਹੇ ਹਨ ਅਤੇ ਸ਼ਹਿਰਾਂ ਵਿੱਚ ਕੂੜਾ ਚੁੱਕ ਰਹੇ ਹਨ ਅਤੇ ਸ਼ਹਿਰਾਂ ਵਿੱਚ ਵੱਖ-ਵੱਖ ਚੀਜ਼ਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ਲਈ ਬਣਾਈ ਗਈ ਅਜਿਹੀ ਸਹੂਲਤ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਦਾ ਸਿੱਧਾ ਅਸਰ ਅਜਿਹੇ ਲੋਕਾਂ ਦੇ ਰੁਜ਼ਗਾਰ ’ਤੇ ਪਵੇਗਾ ਅਤੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ।
ਡਾ.ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜੁਗਾੜੂ ਰੇਹੜੀਆਂ 'ਤੇ ਪਾਬੰਦੀ ਲਗਾਉਣ ਵਾਲੇ ਅਜਿਹੇ ਹੁਕਮਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਦਾ ਕੰਟਰੋਲ ਨਾ-ਮਾਤਰ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਲਈ ਬਿਹਤਰ ਹੋਵੇਗਾ ਕਿ ਉਹ ਜ਼ਮੀਨੀ ਪੱਧਰ 'ਤੇ ਫੀਡਬੈਕ ਲੈ ਕੇ ਹੀ ਕਿਸੇ ਹੁਕਮ ਨੂੰ ਲਾਗੂ ਕਰਨ ਦੇ ਹੁਕਮ ਦੇਣ।