ਚੰਡੀਗੜ : ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਚੁਣੇ ਗਏ ਸਾਰੇ 92 ਵਿਧਾਇਕਾਂ ਨੇ ਮੋਹਾਲੀ ਵਿਖੇ ਬੈਠਕ ਕਰਕੇ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਸਹਿਮਤੀ ਨਾਲ 'ਆਪ' ਵਿਧਾਇਕ ਦਲ ਦਾ ਆਗੂ ਚੁਣਿਆ ਸੀ।


'ਆਪ' ਆਗੂ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਸਮਰਥਨ ਵਿੱਚ ਨਵੇਂ ਚੁਣੇ ਗਏ 91 ਵਿਧਾਇਕਾਂ ਦੇ ਦਸਤਖ਼ਤ ਵਾਲਾ ਪੱਤਰ ਰਾਜਪਾਲ ਨੂੰ ਸੌਂਪ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ, '' ਮਾਣਯੋਗ ਰਾਜਪਾਲ ਨੂੰ ਅਸੀਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਦੇ ਸਮਰਥਨ ਵਾਲਾ ਪੱਤਰ ਸੌਂਪ ਦਿੱਤਾ ਹੈ ਅਤੇ ਪੰਜਾਬ ਦੀ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਜਿਸ ਨੂੰ ਰਾਜਪਾਲ ਨੇ ਮਨਜ਼ੂਰ ਕਰ ਲਿਆ ਹੈ। ਅਸੀਂ ਰਾਜਪਾਲ ਨੂੰ ਸਹੁੰ ਚੁੱਕ ਸਮਾਗਮ ਦੀ ਥਾਂ ਅਤੇ ਸਮੇਂ ਦੀ ਵੀ ਜਾਣਕਾਰੀ ਦਿੱਤੀ ਹੈ। 16 ਮਾਰਚ ਨੂੰ ਦੁਪਹਿਰ ਸਾਢੇ 12 ਵਜੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਹੋਵੇਗਾ।


ਮਾਨ ਨੇ ਕਿਹਾ ਕਿ ਇਸ ਇਤਿਹਾਸਕ ਮੌਕੇ ਲਈ ਉਹ (ਮਾਨ) ਪੰਜਾਬ ਦੇ ਲੋਕਾਂ ਨੂੰ ਖਟਕੜ ਕਲਾਂ ਆਉਣ ਲਈ ਸੱਦਾ ਦਿੰਦੇ ਹਨ, ਕਿਉਂਕਿ 16 ਮਾਰਚ ਨੂੰ ਕੇਵਲ 'ਆਪ' ਦੇ ਮੁੱਖ ਮੰਤਰੀ ਅਤੇ ਮੰਤਰੀ ਹੀ ਸਹੁੰ ਨਹੀਂ ਚੁਕਣਗੇ, ਸਗੋਂ ਸਾਰੇ ਲੋਕ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਉਣ ਦੀ ਸਹੁੰ ਚੁਕਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ, ਮੰਤਰੀ ਅਤੇ ਸਭ ਲੋਕ ਮਿਲ ਕੇ ਪੰਜਾਬ ਨੂੰ ਪਹਿਲਾਂ ਦੀ ਤਰਾਂ ਖੁਸ਼ਹਾਲ ਅਤੇ ਤਾਕਤਵਾਰ ਬਣਾਵਾਂਗੇ।


ਦੱਸ ਦੇਈਏ ਕਿ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਸੀ ਅਤੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਆਮ ਆਦਮੀ ਪਾਰਟੀ 92 ਸੀਟਾਂ ਜਿੱਤ ਚੁੱਕੀ ਹੈ, ਜਦਕਿ ਕਾਂਗਰਸ ਦਾ ਸਫ਼ਾਇਆ ਹੋ ਗਿਆ ਹੈ। ਕਾਂਗਰਸ ਸਿਰਫ਼ 18 ਸੀਟਾਂ ਹੀ ਜਿੱਤਣ 'ਚ ਕਾਮਯਾਬ ਰਹੀ, ਜਦਕਿ ਅਕਾਲੀ -ਬਸਪਾ ਗਠਜੋੜ ਨੂੰ 4 ਸੀਟਾਂ ਅਤੇ ਭਾਜਪਾ ਨੂੰ  2 ਸੀਟਾਂ ਮਿਲੀਆਂ ਹਨ। ਇਸ ਦੇ ਇਲਾਵਾ 1 ਸੀਟ ਹੋਰ ਦੇ ਹਿੱਸੇ ਆਈ ਹੈ।


ਇਹ ਵੀ ਪੜ੍ਹੋ : AAP ਨੇ ਹੁਣ ਹਿਮਾਚਲ 'ਚ ਚੋਣ ਲੜਨ ਦਾ ਕੀਤਾ ਐਲਾਨ , ਸਤੇਂਦਰ ਜੈਨ ਨੇ ਕਿਹਾ- ਸਾਰੀਆਂ 68 ਸੀਟਾਂ 'ਤੇ ਲੜਾਂਗੇ ਚੋਣ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490