ਮਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਬੁੱਧਵਾਰ ਨੂੰ ਇਕੱਲੇ ਹੀ ਅਹੁਦੇ ਦੀ ਸਹੁੰ ਚੁੱਕਣਗੇ। ਉਹ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਦੁਪਹਿਰ 12.30 ਵਜੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਹਨ। ਇਸ ਸਹੁੰ ਚੁੱਕ ਸਮਾਗਮ ਲਈ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਹੈ।

ਭਗਵੰਤ ਮਾਨ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, "ਆਓ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਸਹੁੰ ਚੁੱਕਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਤੇ ਭੈਣਾਂ ਨੂੰ ਪੀਲੀ ਸ਼ਾਲ/ਸਟਾਲ ਪਹਿਨਣ ਦੀ ਬੇਨਤੀ ਕਰਦਾ ਹਾਂ, ਅਸੀਂ ਉਸ ਦਿਨ ਖਟਕੜ ਕਲਾਂ ਨੂੰ 'ਬਸੰਤੀ ਦੇ ਰੰਗ' ਵਿੱਚ ਰੰਗਾਂਗੇ।





ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਬਾਅਦ ਵਿੱਚ ਹੋਵੇਗਾ, ਜਿਸ ਵਿੱਚ 17 ਮੈਂਬਰ ਹੋ ਸਕਦੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਮਾਨ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਜਿੱਤਣ ਵਿਚ ਕਾਮਯਾਬ ਰਹੇ। ਉਨ੍ਹਾਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 58,206 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮਾਨ ਨੇ ਵੋਟਰਾਂ ਦਾ ਧੰਨਵਾਦ ਕਰਨ ਲਈ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤਾ।

ਭਗਵੰਤ ਮਾਨ ਨੇ 122 ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲਈ
ਵੀਆਈਪੀ ਕਲਚਰ ਖ਼ਿਲਾਫ਼ ਸਪੱਸ਼ਟ ਸੰਦੇਸ਼ ਦਿੰਦੇ ਹੋਏ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਸਮੇਤ 122 ਸਾਬਕਾ ਵਿਧਾਇਕਾਂ, ਮੰਤਰੀਆਂ ਤੇ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸਾਬਕਾ ਮੰਤਰੀਆਂ ਵਿੱਚ ਕਾਂਗਰਸ ਦੇ ਮਨਪ੍ਰੀਤ ਸਿੰਘ ਬਾਦਲ ਤੇ ਪਰਗਟ ਸਿੰਘ ਵੀ ਸ਼ਾਮਲ ਹਨ, ਜੋ ਚੋਣਾਂ ਹਾਰ ਗਏ ਸਨ।

ਹਾਲਾਂਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਸੂਬਾ ਕਾਂਗਰਸ ਪ੍ਰਧਾਨ ਸਿੱਧੂ ਦਾ ਨਾਂ ਸੂਚੀ ਵਿੱਚ ਨਹੀਂ ਹੈ। ਹਾਲਾਂਕਿ, ਸਿੱਧੂ ਦੀ ਪਤਨੀ ਨਵਜੋਤ ਕੌਰ, ਜੋ ਸਾਬਕਾ ਵਿਧਾਇਕ ਹਨ, ਉਨ੍ਹਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।