Bhagwant Mann today moved a resolution in the Vidhan Sabha against various decisions of the Union Government


ਚੰਡੀਗੜ੍ਹ: ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਸੀਐਮ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਹੈ। ਇਸ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਵਿਧਾਇਕਾਂ ਨੇ ਵੀ ਹਮਾਇਤ ਦਿੱਤੀ ਹੈ। ਕਾਂਗਰਸ ਤਰਫੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਵੋਟਾਂ ਨਹੀਂ ਮਿਲੀਆਂ, ਇਸ ਲਈ ਬਦਲੇ ਦੀ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਮਤੇ ਨੂੰ ਲੈ ਕੇ ਸਰਬ ਪਾਰਟੀ ਵਫਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਉਠਾਉਣਾ ਚਾਹੀਦਾ ਹੈ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਉਹ ਇਸ ਕੰਮ ਲਈ ਸਰਕਾਰ ਦੇ ਨਾਲ ਹਨ।



ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਸੀ। ਪੰਜਾਬ ਦਾ ਕੁਝ ਹਿੱਸਾ ਚੰਡੀਗੜ੍ਹ ਨੂੰ ਦਿੱਤਾ ਗਿਆ ਸੀ। ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀਆਂ ਅਸਾਮੀਆਂ ਲਈ ਸਾਰੀਆਂ ਸਰਕਾਰਾਂ ਨੂੰ ਕਿਹਾ ਹੈ। ਪਹਿਲਾਂ ਇਹ ਅਸਾਮੀਆਂ ਪੰਜਾਬ ਤੋਂ ਭਰੀਆਂ ਜਾਂਦੀਆਂ ਸਨ। ਚੰਡੀਗੜ੍ਹ ਵਿੱਚ ਵੀ ਕੇਂਦਰ ਨੇ ਬਾਹਰੋਂ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕੇਂਦਰੀ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਇਆ ਗਿਆ ਸੀ।


ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸੂਬੇ ਦੀ ਵੰਡ ਹੋਈ ਤਾਂ ਰਾਜਧਾਨੀ ਮੂਲ ਰਾਜ ਕੋਲ ਹੀ ਰਹੀ। ਇਸ ਲਈ ਚੰਡੀਗੜ੍ਹ 'ਤੇ ਪੰਜਾਬ ਦਾ ਦਾਅਵਾ ਹੈ। ਇਸ ਤੋਂ ਪਹਿਲਾਂ ਵੀ ਸਦਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਕਈ ਮਤੇ ਪਾਸ ਕੀਤੇ। ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦਾ ਮਤਾ ਪਾਸ ਕੀਤਾ ਜਾ ਰਿਹਾ ਹੈ। ਕੇਂਦਰ ਨੂੰ ਕੋਈ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਚੰਡੀਗੜ੍ਹ ਦਾ ਸੰਤੁਲਨ ਵਿਗੜਦਾ ਹੋਵੇ।


ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਸਦਨ ਨੇ ਕਈ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਵੱਲੋਂ ਸਦਨ ਵਿੱਚ ਪੇਸ਼ ਕੀਤੇ ਗਏ ਮਤੇ ਅਨੁਸਾਰ, ‘ਲੋਕਾਂ ਦੀ ਸਦਭਾਵਨਾ ਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਸਦਨ ਇੱਕ ਵਾਰ ਫਿਰ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਸੌਂਪਣ ਦਾ ਮਾਮਲਾ ਕੇਂਦਰ ਕੋਲ ਰੱਖਣ ਦਾ ਸਿਫ਼ਾਰਸ਼ ਕਰਦਾ ਹੈ।’


 



ਮਤੇ ਉੱਪਰ ਬਹਿਸ ਵਿੱਚ ਹਿੱਸਾ ਲੈਂਦਿਆਂ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੰਸਦ ਵਿੱਚ ਸਿਰਫ ਭਗਵੰਤ ਮਾਨ ਮੁੱਦੇ ਉਠਾਉਂਦੇ ਸਨ। ਬਾਕੀ ਸੰਸਦ ਮੈਂਬਰ ਖਾਮੋਸ਼ ਬੈਠੇ ਰਹਿੰਦੇ ਸੀ। ਇਸ ਦਾ ਕਾਂਗਰਸੀ ਵਿਧਾਇਕ ਪਰਤਾਪ ਸਿੰਘ ਬਾਜਵਾ ਨੇ ਵਿਰੋਧ ਕੀਤਾ। ਕਾਂਗਰਸ ਵੱਲੋਂ ਹੰਗਾਮਾ ਵੀ ਕੀਤਾ ਗਿਆ ਜਿਸ ਕਰਕੇ ਮਾਰਸ਼ਲ ਵੀ ਬਲਾਉਣੇ ਪਏ।


ਦੱਸ ਦਈਏ ਕਿ ਪੰਜਾਬ 'ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਇੱਕ ਰੋਜ਼ਾ ਸੈਸ਼ਨ ਖਾਸਕਰ ਚੰਡੀਗੜ੍ਹ ਦੇ ਮੁੱਦੇ ’ਤੇ ਬੁਲਾਇਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਲਏ ਗਏ ਕਈ ਫੈਸਲਿਆਂ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਦਾ ਇਹ ਪਹਿਲਾ ਵਿਸ਼ੇਸ਼ ਸੈਸ਼ਨ ਹੈ ਜਿਸ ਵਿੱਚ ਕੇਂਦਰ ਸਰਕਾਰ ਦੇ ਫੈਸਲਿਆਂ ਨੂੰ ਚੁਣੌਤੀ ਦਿੱਤੀ ਗਈ ਹੈ।


ਵਿਸ਼ੇਸ਼ ਸੈਸ਼ਨ ਦੀ ਸਾਰੀ ਕਾਰਵਾਈ ਪੰਜਾਬ ਸਰਕਾਰ ਦੇ ‘ਯੂਟਿਊਬ ਚੈਨਲ’ ਤੇ ਸੋਸ਼ਲ ਮੀਡੀਆ ਦੇ ਹੋਰ ਸਾਧਨਾਂ ਰਾਹੀਂ ਸਿੱਧੀ ਪ੍ਰਸਾਰਿਤ ਹੋ ਰਹੀ ਹੈ ਜਿਨ੍ਹਾਂ ਰਾਹੀਂ ਦੇਸ਼-ਵਿਦੇਸ਼ ’ਚ ਬੈਠੇ ਲੋਕ ਬਹਿਸ ਸੁਣ ਰਹੇ ਹਨ।


ਇਹ ਵੀ ਪੜ੍ਹੋ: ਇੱਕ ਵਾਰ ਫਿਰ ਧਮਾਲਾਂ ਪਾਉਣ ਆ ਰਹੀ ‘Carry On Jatta 3’ ਦੀ ਟੀਮ, Gippy Grewal ਨੇ ਦੱਸੀ ਫਿਲਮ ਦੀ ਰਿਲੀਜ਼ ਡੇਟ