ਚੰਡੀਗੜ੍ਹ : ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਸਿਆਸਤ ਫ਼ਿਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਵਿੱਚ ਪਹਿਲੀ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੂੰ ਪੰਜਾਬ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

 

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ 'ਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਮਤਾ ਪੇਸ਼ ਕੀਤਾ, ਜਿਸ ਤੋਂ ਬਾਅਦ ਇਸ 'ਤੇ ਬਹਿਸ ਸ਼ੁਰੂ ਹੋ ਗਈ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁੱਖ ਮੰਤਰੀ ਮਾਨ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਇਸ ਦੌਰਾਨ ਜਦੋਂ ਕਾਂਗਰਸੀ ਵਿਧਾਇਕ ਰੋਕਣ ਲੱਗੇ ਤਾਂ ਹੰਗਾਮਾ ਸ਼ੁਰੂ ਹੋ ਗਿਆ।

 

ਕੇਂਦਰੀ ਸੇਵਾ ਨਿਯਮਾਂ ਵਿਰੁੱਧ ਪ੍ਰਸਤਾਵ

 

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਤੋਂ ਪੰਜਾਬ ਸਰਵਿਸ ਰੂਲ ਹਟਾ ਕੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਹੁਕਮਾਂ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਵਿਵਾਦ ਦੀ ਸਥਿਤੀ ਬਣ ਗਈ ਹੈ। ਮੌਜੂਦਾ ਸਮੇਂ ਵਿੱਚ ਚੰਡੀਗੜ੍ਹ ਦੋਵਾਂ ਰਾਜਾਂ ਦੀ ਰਾਜਧਾਨੀ ਹੈ ਪਰ ਦੋਵੇਂ ਰਾਜ ਇਸ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਲੈ ਕੇ ਆਪਣੀਆਂ ਮੰਗਾਂ ਰੱਖਦੇ ਆ ਰਹੇ ਹਨ।

 

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਕੱਲ੍ਹ ਚੰਡੀਗੜ੍ਹ ਵਿੱਚ ਹੋਈ, ਜਿਸ ਵਿੱਚ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਏਜੰਡੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨਾਲ ਸਬੰਧਤ ਮਾਮਲਿਆਂ ਦੇ ਸਬੰਧ ਵਿੱਚ’ ਪ੍ਰਸਤਾਵ ਪੇਸ਼ ਕੀਤਾ ਹੈ।

 

 ਪੰਜਾਬ ਪੁਨਰਗਠਨ ਐਕਟ ਖਿਲਾਫ : ਸੀ.ਐਮ ਮਾਨ


ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਕਰਮਚਾਰੀਆਂ 'ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ ਦੇ ਫੈਸਲੇ ਤੋਂ ਬਾਅਦ ਸੀਐਮ ਮਾਨ ਨੇ ਸੋਮਵਾਰ ਨੂੰ ਕਿਹਾ ਸੀ ਕਿ ਇਹ ਪੰਜਾਬ ਪੁਨਰਗਠਨ ਐਕਟ ਦੇ ਵਿਰੁੱਧ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ ਐਲਾਨ 'ਤੇ ਐਤਵਾਰ ਨੂੰ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀਆਂ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਨਿਯਮਾਂ ਵਿੱਚ ਬਦਲਾਅ ਤੋਂ ਬਾਅਦ ਇਹ "ਪੰਜਾਬ ਦੇ ਹੱਕਾਂ ਲਈ ਇੱਕ ਹੋਰ ਵੱਡਾ ਧੱਕਾ" ਹੈ।