Punjab News: ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਕਿਸਾਨਾਂ ਵਿਚਕਾਰ ਹੋਈ ਬਹਿਸ ਤੋਂ ਬਾਅਦ ਭਗਵੰਤ ਮਾਨ ਮੀਟਿੰਗ ਛੱਡ ਕੇ ਚਲੇ ਗਏ। ਇਸ ਤੋਂ ਬਾਅਦ ਚੜ੍ਹਦੇ ਦਿਨ ਹੀ ਕਿਸਾਨਾਂ ਉੱਤੇ ਐਕਸ਼ਨ ਸ਼ੁਰੂ ਹੋ ਗਿਆ ਹੈ। ਇਸ ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਕੀ ਕੁਝ ਹੋਇਆ ਸਾਰੀਆਂ ਗੱਲਾਂ ਦਾ ਖ਼ੁਲਾਸਾ ਕੀਤਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ ਮੈਂ ਕਿਸਾਨਾਂ ਨੂੰ ਮੀਟਿੰਗ ਵਿੱਚ ਕਿਹਾ ਕਿ ਉਨ੍ਹਾਂ ਦੇ ਰੇਲਾਂ ਰੋਕੋ, ਸੜਕਾਂ ਰੋਕੋ ਨਾਲ ਪੰਜਾਬ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ ਤੇ ਇਸ ਕਰਕੇ ਪੰਜਾਬ ਧਰਨਿਆਂ ਵਾਲਾ ਸੂਬਾ ਬਣਦਾ ਜਾ ਰਿਹਾ ਹੈ। ਮਾਨ ਨੇ ਇਸ ਮੌਕੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਮੇਰੀ ਨਰਮਾਈ ਨੂੰ ਇਹ ਨਾ ਸਮਝਿਆ ਜਾਵੇ ਕਿ ਮੈਂ ਐਕਸ਼ਨ ਨਹੀਂ ਲੈ ਸਕਦਾ।

ਇਸ ਮੌਕੇ ਜਦੋਂ ਮੁੱਖ ਮੰਤਰੀ ਤੋਂ ਪੁੱਛਿਆ ਗਿਆ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਿਟੇਨ ਕੀਤਾ ਜਾ ਰਿਹਾ ਹੈ ਤਾਂ ਮਾਨ ਨੇ ਕਿਹਾ ਕਿ ਅਸੀਂ ਡਿਟੇਨ ਕਰਾਂਗੇ ਤੇ ਪੰਜਾਬ ਚੱਲੂਗਾ। ਇਸ ਮੌਕੇ ਮਾਨ ਨੇ ਮੀਟਿੰਗ ਵਿੱਚ ਹੋਈ ਬਹਿਸ ਬਾਬਤ ਦੱਸਿਆ ਕਿ ਜਦੋਂ ਕਿਸਾਨਾਂ ਤੋਂ ਪੁੱਛਿਆ ਕਿ ਪਰਸੋ ਵਾਲੇ ਮੋਰਚਾ ਦਾ ਕੀ ਕਰਨਾ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਤਾਂ ਜਾਰੀ ਰਹੂਗਾ।

ਮਾਨ ਨੇ ਦੱਸਿਆ ਕਿ ਫਿਰ ਮੈਂ ਕਿਹਾ ਕਿ ਜੇ ਮੋਰਚਾ ਜਾਰੀ ਹੈ ਤਾਂ ਮੈਨੂੰ ਢਾਈ ਘੰਟੇ ਕਿਉਂ ਬਿਠਾ ਕੇ ਰੱਖਿਆ ਹੈ, ਉਨ੍ਹਾਂ ਵਿੱਚੋਂ ਮੰਗਾਂ ਵੀ ਪੰਜਾਬ ਨਾਲ ਸਬੰਧਤ ਨਹੀਂ ਹਨ, ਇਸ ਤੋਂ ਬਾਅਦ ਮੈਂ ਉੱਠ ਕੇ ਬਾਹਰ ਆ ਗਿਆ ਤੇ ਕਿਹਾ ਕਿ ਜੇ ਤੁਹਾਨੂੰ ਲਗਦਾ ਕਿ ਮੈਂ ਡਰ ਕੇ ਇਹ ਮੀਟਿੰਗ ਦਿੱਤੀ ਹੈ ਤਾਂ ਇਹ ਨਹੀਂ ਹੈ ਮੈਂ ਪਹਿਲਾਂ ਵੀ ਮੀਟਿੰਗਾਂ ਕੀਤੀਆਂ ਹਨ ਤੇ ਇਸ ਤੋਂ ਬਾਅਦ ਕਿਹਾ ਕਿ ਜੇ ਮੋਰਚਾ ਲਾਉਣਾ ਹੈ ਤਾਂ ਮੰਨੀਆਂ ਹੋਈਆਂ ਮੰਗਾਂ ਵੀ ਰੱਦ ਹਨ ਤੇ ਹੁਣ ਤੁਸੀਂ ਮੋਰਚਾ ਲਾ ਲਓ

ਮੀਟਿੰਗ ਤੋਂ ਬਾਅਦ ਕਿਸਾਨਾਂ ਉੱਤੇ ਐਕਸ਼ਨ

ਇਸ ਤੋਂ ਬਾਅਦ ਚੜ੍ਹਦੇ ਦਿਨ ਹੀ ਕਿਸਾਨਾਂ ਉੱਤੇ ਐਕਸ਼ਨ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ ਇਸ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ ਤੇ ਹੁਣ ਸਿਆਸੀ ਲੀਡਰ ਵੀ ਕਿਸਾਨਾਂ ਉੱਤੇ ਹੋਈ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਜ਼ਿਕਰ ਕਰ ਦਈਏ ਕਿ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਬਹਿਸ ਤੋਂ ਬਾਅਦ ਮੰਗਲਵਾਰ ਸਵੇਰੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਆਗੂ ਦਿਲਬਾਗ ਸਿੰਘ ਗਿੱਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪੁਲਿਸ ਸੰਗਰੂਰ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਦੇ ਘਰ ਵੀ ਪਹੁੰਚੀ ਪਰ ਉਹ ਨਹੀਂ ਮਿਲੇ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਤੇ ਪੁਲਿਸ ਦੇ ਇਸ ਵਤੀਰੇ ਦਾ ਸਖ਼ਤ ਵਿਰੋਧ ਹੋ ਰਿਹਾ ਹੈ।