Lok Sabha Election: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ।


ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ਕਰੋੜ ਲੋਕਾਂ ਦੇ ਫਤਵੇ ਦਾ ਘੋਰ ਅਪਮਾਨ ਹੈ।






ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਸਿਖਰਲੀ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐਫ. ਅਤੇ ਐਨ.ਐਚ.ਐਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਧੱਕਾ ਹੈ।