Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਬਸੰਮਤੀ ਨਾਲ ਮਤੇ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ 20 ਜੂਨ ਨੂੰ ਪਾਸ ਕੀਤੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਏ ਗਏ ਇਜਲਾਸ ਬਾਬਤ ਤੰਜ ਕਸਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??..ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ..ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…
ਜ਼ਿਕਰ ਕਰ ਦਈਏ ਕਿ ਸ਼੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਮੂਹ ਮੈਂਬਰਾਂ ਨੇ ਸਰਬਸਮਤੀ ਨਾਲ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਹੈ। ਮੁਤਾਬਕ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇੱਕ ਨੁਕਾਤੀ ਏਜੰਡਾ ’ਤੇ ਸੱਦੇ ਹੰਗਾਮੀ ਜਨਰਲ ਇਜਲਾਸ ਵਿੱਚ ਇਹ ਮਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜ੍ਹਿਆ, ਜਿਸ ਨੂੰ ਹਾਲ ਵਿੱਚ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਸ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਗਿਆ ਤੇ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :