ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਖਤਮ ਕਰ ਦਿੱਤਾ ਹੈ। ਪੰਜਾਬ ਦੇ ਸਾਰੇ ਨਵੇਂ ਚੁਣੇ 117 ਵਿਧਾਇਕ 17 ਮਾਰਚ ਨੂੰ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ 16 ਮਾਰਚ ਨੂੰ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤੇ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਸੀ।

ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਫ਼ਸਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਭਾਰਤੀ ਚੋਣ ਕਮਿਸ਼ਨ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਅਜਿਹੀ ਸਥਿਤੀ ਵਿੱਚ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਜਾਂਦਾ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਮਿਲੀ ਹੈ।ਭਗਵੰਤ ਮਾਨ ਨੂੰ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਵੀ ਚੁਣ ਲਿਆ ਗਿਆ ਹੈ।ਦੱਸ ਦੇਈਏ ਕਿ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ। ਜਿਸ ਤੋਂ ਬਾਅਦ ਅੱਜ ਭਗਵੰਤ ਮਾਨ ਨੇ ਰਾਜਭਵਨ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ 'ਚ 16 ਮਾਰਟ ਨੂੰ ਸਹੁੰ ਚੁੱਕਣਗੇ।

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ।  16 ਮਾਰਚ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ।

ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ 13 ਮਾਰਚ ਦਿਨ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ ਅਤੇ ਫਿਰ ਅਰਵਿੰਦ ਕੇਜਰੀਵਾਲ ਨਾਲ ਸ਼ਾਨਦਾਰ ਰੋਡ ਸ਼ੋਅ ਕਰਨਗੇ। ਭਗਵੰਤ ਮਾਨ ਨੇ ਵੀਰਵਾਰ ਨੂੰ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਜਾ ਕੇ ਸਹੁੰ ਚੁੱਕਣ ਦਾ ਸੱਦਾ ਵੀ ਦਿੱਤਾ ਸੀ। ਇਸ ਮੁਲਾਕਾਤ ਤੋਂ ਬਾਅਦ ਜਦੋਂ ਭਗਵੰਤ ਮਾਨ ਮੋਹਾਲੀ ਪਰਤੇ ਤਾਂ ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਕੇਜਰੀਵਾਲ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਗਵਰਨੈਂਸ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਵਿੱਚੋਂ ਹੀ ਚੱਲੇਗੀ।