Paramjit Kaur Khalra: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਉਪਰ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦੀ ਜਿੱਤ ਦੀ ਖੁਸ਼ੀ ਵਿੱਚ ਪਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਨਜ਼ਦੀਕੀ ਪਿੰਡ ਇਲਮੇਵਾਲਾ ਦੇ ਗੁਰਦੁਆਰਾ ਬਾਬਾ ਸ਼ਹੀਦ ਸਿੰਘਾਂ ਵਿਖੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਬੀਬੀ ਪਰਮਜੀਤ ਕੌਰ ਖਾਲੜਾ ਸੰਗਤਾਂ ਦਾ ਧੰਨਵਾਦ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਚਾਚਾ ਸੁਖਚੈਨ ਸਿੰਘ ਵੀ ਸਨ।
ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਇਲਮੇਵਾਲਾ ਪਹੁੰਚੇ ਬੀਬੀ ਪਰਮਜੀਤ ਕੌਰ ਖਾਲੜਾ ਨੇ ਸਮਾਗਮ ਦੌਰਾਨ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਤਾਂ ਦਾ ਸਹਿਯੋਗ ਦੇ ਨਾਲ ਹੀ ਪੂਰੇ ਪੰਜਾਬ ਵਿੱਚੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਡੀ ਲੀਡ ਨਾਲ ਜਿੱਤੇ ਹਨ। ਬੀਬੀ ਖਾਲੜਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਪੰਥ ਦੀ ਜਿੱਤ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਜਿੱਤਾਂ ਨੇ ਰਵਾਇਤੀ ਪਾਰਟੀਆਂ ਨੂੰ ਸੋਚਾਂ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਦਿੱਲੀ ਹਕੂਮਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਇਹ ਵੀ ਪੜ੍ਹੋ: Amritpal Singh: ਲੋਕ ਸਭਾ ਚੋਣਾਂ ਜਿੱਤਣ ਮਗਰੋਂ ਜੇਲ੍ਹ ਅੰਦਰੋਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ, ਮੁਲਕਾਤ ਕਰਕੇ ਮਾਪੇ ਖੁਸ਼
ਇਸ ਦੇ ਨਾਲ ਹੀ ਬੀਬੀ ਖਾਲੜਾ ਨੇ ਕਿਹਾ ਕਿ ਭਾਜਪਾ ਨੇ ਸਾਡੇ ਕਿਸਾਨਾਂ ਨੂੰ ਫਸਲਾਂ ਤੇ ਐਮਐਸਪੀ ਦੇਣ ਤੋਂ ਟਾਲਾ ਵੱਟ ਕੇ ਦਿੱਲੀ ਦੀਆਂ ਸਰਹੱਦਾਂ ਤੇ ਬੈਠਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਡੀ ਦੁਸ਼ਮਣ ਜਮਾਤ ਹੈ ਜਿਸ ਨੇ ਸਾਡੇ ਗੁਰੂਧਾਮ ਸ੍ਰੀ ਅਕਾਲ ਤਖਤ ਸਾਹਿਬ ਤੇ ਹਮਲਾ ਕਰਕੇ ਦਰਬਾਰ ਸਾਹਿਬ ਵਿੱਚ ਟੈਂਕਾਂ ਨਾਲ ਵੱਡਾ ਨੁਕਸਾਨ ਕੀਤਾ।
ਖਡੂਰ ਸਾਹਿਬ ਸੀਟ ਤੋਂ ਕਿੰਨੀ ਵੋਟ ਮਿਲੀ?
ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਬਣੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਆਸਾਮ ਦੀ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾ ਕੇ ਸੀਟ ਜਿੱਤੀ ਹੈ।
ਅੰਮ੍ਰਿਤਪਾਲ ਸਿੰਘ ਨੂੰ 4 ਲੱਖ 4 ਹਜ਼ਾਰ 430 ਵੋਟਾਂ ਮਿਲੀਆਂ, ਜਦੋਂ ਕਿ ਜੀਰਾ ਨੂੰ 2 ਲੱਖ 7 ਹਜ਼ਾਰ 310 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਇਸ ਸੀਟ 'ਤੇ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ 1 ਲੱਖ 94 ਹਜ਼ਾਰ 836 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੇ। ਜਦੋਂਕਿ ਭਾਜਪਾ ਦੇ ਮਨਜੀਤ ਸਿੰਘ ਮੰਨਾ ਨੂੰ ਸਿਰਫ਼ 86,373 ਵੋਟਾਂ ਮਿਲੀਆਂ।