Ludhiana News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਲੁਧਿਆਣਾ ਪੁੱਜੇ ਤੇ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਤਰਸੇਮ ਸਿੰਘ ਨੇ ਕਿਹਾ ਕਿ ਪਤਾ ਲੱਗਾ ਹੈ ਕਿ ਸਰਕਾਰ ਨੇ ਯੋਜਨਾ ਤਹਿਤ ਇੱਕ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਸਰਕਾਰ ਦੀ ਨੀਅਤ ਠੀਕ ਨਹੀਂ ਜਾਪਦੀ। ਜੇਕਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੇਲ੍ਹ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੋਏਗੀ।


ਦਰਅਸਲ ਜੇਲ੍ਹ 'ਚੋਂ ਹੀ ਚੋਣ ਜਿੱਤਣ ਮਗਰੋਂ ਹੁਣ ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਦੀ ਪਲਾਨਿੰਗ ਕਰ ਰਹੇ ਹਨ। ਇਸ ਲਈ ਹੀ ਤਰਸੇਮ ਸਿੰਘ ਨੇ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 2011 ਤੋਂ ਲਟਕ ਰਹੀਆਂ ਹਨ। ਇਸ ਦੌਰਾਨ ਤਰਸੇਮ ਸਿੰਘ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ ਹੋ ਰਿਹਾ ਹੈ। ਇਸ ਸਬੰਧੀ ਅੱਜ ਲੁਧਿਆਣਾ ਵਿਖੇ ਸਿੱਖ ਜਥੇਬੰਦੀਆਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। 



ਤਰਸੇਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈਆਂ ਜਾ ਰਹੀਆਂ ਵੋਟਾਂ ਵਿੱਚ ਵੱਧ ਤੋਂ ਵੱਧ ਸਿੱਖ ਸੰਗਤ ਦੀਆਂ ਵੋਟਾਂ ਬਣਾਈਆਂ ਜਾਣ। ਤਰਸੇਮ ਸਿੰਘ ਨੇ ਕਿਹਾ ਕਿ ਸਾਡੇ ਮੁੱਖ ਮੁੱਦੇ ਬੰਦੀ ਸਿੱਖਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਆਦਿ ਹਨ। ਸਿੱਖਾਂ ਦੇ ਕੁਝ ਮਸਲਿਆਂ ਨੂੰ ਚੰਡੀਗੜ੍ਹ ਜਾਂ ਹੋਰ ਥਾਵਾਂ 'ਤੇ ਲਿਜਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਮੁੱਦਿਆਂ ਨੂੰ ਖਤਮ ਕੀਤਾ ਜਾ ਸਕੇ ਪਰ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੰਦੀ ਸਿੱਖ ਕਈ ਵਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ।


ਉਨ੍ਹਾਂ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਹਰ ਮਹੀਨੇ ਜਾਂ ਦੋ ਮਹੀਨਿਆਂ ਬਾਅਦ ਪੈਰੋਲ ਮਿਲ ਰਹੀ ਹੈ। ਇੱਕ ਦੇਸ਼ ਵਿੱਚ ਦੋ ਤਰ੍ਹਾਂ ਦੇ ਕਾਨੂੰਨ ਚੱਲ ਰਹੇ ਹਨ। ਸਰਹੱਦਾਂ 'ਤੇ ਕਿਸਾਨ ਸ਼ਹੀਦ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ 700 ਤੋਂ ਵੱਧ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋ ਚੁੱਕੇ ਹਨ। ਇਨ੍ਹਾਂ ਕਾਰਨਾਂ ਕਰਕੇ ਅੱਜ ਸਾਰੇ ਗਰੁੱਪਾਂ ਨੂੰ ਇਕੱਠੇ ਹੋਣ ਲਈ ਬੁਲਾਇਆ ਗਿਆ ਤਾਂ ਜੋ ਅਗਲੀ ਰਣਨੀਤੀ ਬਣਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਸਭ ਤੋਂ ਵੱਧ ਬਹੁਮਤ ਨਾਲ ਜਿੱਤੇ ਹਨ। ਸਰਕਾਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੋਈ ਕਾਰਵਾਈ ਨਹੀਂ ਕਰ ਰਹੀ।