Amritpal Singh: ਭਾਈ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਮਿਲਿਆ 25 ਜੂਨ ਦਾ ਸਮਾਂ, ਜਾਣੋ ਕਿਵੇਂ ਚੁਕਾਈ ਜਾਏਗੀ ਸਹੁੰ?
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਹੋ ਰਹੀ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ।
Amritpal Singh News: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਹੋ ਰਹੀ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਇਸ ਵਿੱਚ ਡਿਬਰੂਗੜ੍ਹ ਜੇਲ੍ਹ ਵਿੱਚੋਂ ਚੋਣ ਲੜਨ ਤੇ ਜਿੱਤਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ 13 ਸੰਸਦ ਮੈਂਬਰਾਂ ਦੇ ਨਾਮ ਹਨ ਪਰ ਸਵਾਲ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਸੰਸਦ ਵਿੱਚ ਕਿਵੇਂ ਪਹੁੰਚ ਸਕਣਗੇ ਜਾਂ ਫਿਰ ਕਿਵੇਂ ਸਹੁੰ ਚੁੱਕ ਸਕਣਗੇ।
ਭਾਈ ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਯਾਦ ਰਹੇ NSA ਇੱਕ ਸਖਤ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਹੀ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤੇ ਸਰਕਾਰ ਦੂਜੀ ਵਾਰ ਐਨਐਸਏ ਵਿੱਚ ਵਾਧਾ ਕਰ ਚੁੱਕੀ ਹੈ।
ਕਾਨੂੰਨ ਮੁਤਾਬਕ ਵੇਖਿਆ ਜਾਏ ਤਾਂ ਸੰਸਦ ਦਫ਼ਤਰ ਵੱਲੋਂ ਭੇਜੀ ਗਈ 25 ਜੂਨ ਦੀ ਸਮਾਂ ਸੀਮਾ ਦੇ ਅੰਦਰ ਅੰਮ੍ਰਿਤਪਾਲ ਸਿੰਘ ਨਾ ਤਾਂ ਜੇਲ੍ਹ ਤੋਂ ਬਾਹਰ ਆ ਸਕਣਗੇ ਤੇ ਨਾ ਹੀ ਸਹੁੰ ਚੁੱਕ ਸਕਣਗੇ। ਕਾਨੂੰਨੀ ਮਾਹਿਰਾਂ ਅਨੁਸਾਰ ਹਰ ਨਵੇਂ ਚੁਣੇ ਸੰਸਦ ਮੈਂਬਰ ਨੂੰ ਸੰਸਦ ਦਫ਼ਤਰ ਵੱਲੋਂ ਸਹੁੰ ਚੁੱਕਣ ਦਾ ਸਮਾਂ ਦਿੱਤਾ ਜਾਂਦਾ ਹੈ। ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ 25 ਜੂਨ ਦਾ ਸਮਾਂ ਦਿੱਤਾ ਗਿਆ ਹੈ।
ਸੰਸਦ ਦਫ਼ਤਰ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਫ਼ੋਨ 'ਤੇ ਸਮੇਂ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ, ਜੋ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕੀਤੇ ਫ਼ੋਨ ਨੰਬਰ 'ਤੇ ਵੀ ਦਿੱਤੀ ਗਈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਜੇਲ੍ਹ ਵਿੱਚ ਬੰਦ ਹਨ ਜਿਸ ਕਰਕੇ ਉਹ ਸਹੁੰ ਚੁੱਕਣ ਲਈ ਜੇਲ੍ਹ ਤੋਂ ਨਹੀਂ ਆ ਸਕਣਗੇ।
ਇਸ ਬਾਰੇ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਲਈ ਅਰਜ਼ੀ ਪਹਿਲਾਂ ਹੀ ਡੀਸੀ ਦਫ਼ਤਰ ਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਦਿੱਤੀ ਜਾ ਚੁੱਕੀ ਹੈ। ਹੁਣ ਜਦੋਂ ਵੀ ਅੰਮ੍ਰਿਤਪਾਲ ਸਿੰਘ ਦੇ ਨਾਂ 'ਤੇ ਹੁਕਮ ਜਾਰੀ ਹੋਣਗੇ ਤਾਂ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ 'ਚੋਂ ਬਾਹਰ ਲਿਆ ਕੇ ਸਹੁੰ ਚੁਕਾਈ ਜਾਵੇਗੀ।
ਸੰਵਿਧਾਨਕ ਤੌਰ 'ਤੇ ਸੰਸਦ ਮੈਂਬਰ ਬਣਨ ਲਈ ਅੰਮ੍ਰਿਤਪਾਲ ਸਿੰਘ ਨੂੰ ਸਭ ਤੋਂ ਪਹਿਲਾਂ ਸਹੁੰ ਚੁੱਕਣੀ ਪਵੇਗੀ। ਚੋਣ ਜਿੱਤਣ ਦਾ ਮਤਲਬ ਹੈ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਕੋਲ ਹੁਣ ਸੰਸਦ ਮੈਂਬਰ ਵਜੋਂ ਸੰਵਿਧਾਨਕ ਫ਼ਤਵਾ ਹੈ। ਜੇਲ੍ਹ ਵਿੱਚ ਬੰਦ ਚੁਣੇ ਹੋਏ ਸੰਸਦ ਮੈਂਬਰ ਦੇ ਸਹੁੰ ਚੁੱਕਣ ਬਾਰੇ ਸੰਵਿਧਾਨ ਵਿੱਚ ਕੋਈ ਵੱਖਰਾ ਫੈਸਲਾ ਨਹੀਂ ਪਰ ਜੇਕਰ ਪੁਰਾਣੀਆਂ ਉਦਾਹਰਣਾਂ 'ਤੇ ਨਜ਼ਰ ਮਾਰੀਏ ਤਾਂ ਕਈ ਅਜਿਹੇ ਨੇਤਾ ਹਨ ਜਿਨ੍ਹਾਂ ਨੇ ਜੇਲ੍ਹ 'ਚ ਰਹਿੰਦਿਆਂ ਸਹੁੰ ਚੁੱਕਣ ਲਈ ਆਰਜ਼ੀ ਪੈਰੋਲ ਲਈ ਸੀ।
ਸੰਜੇ ਸਿੰਘ ਨੂੰ ਇੱਕ ਦਿਨ ਦੀ ਛੋਟ ਮਿਲੀ
ਇਸ ਸਾਲ ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ, ਜੋ ਉਸ ਸਮੇਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਤਿਹਾੜ ਵਿੱਚ ਕੈਦ ਸਨ, ਨੂੰ ਇੱਕ ਅਦਾਲਤ ਨੇ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਸੀ। ਹੇਠਲੀ ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਲੋੜੀਂਦੀ ਸੁਰੱਖਿਆ ਨਾਲ ਸੰਸਦ ਤੱਕ ਲਿਜਾਇਆ ਜਾਵੇ ਤੇ ਵਾਪਸ ਜੇਲ੍ਹ ਲਿਆਂਦਾ ਜਾਵੇ।
ਇਸੇ ਤਰ੍ਹਾਂ 2021 ਵਿੱਚ ਇੱਕ NIA ਅਦਾਲਤ ਨੇ ਅਖਿਲ ਗੋਗੋਈ ਨੂੰ ਅਸਾਮ ਦੇ ਸਿਬਸਾਗਰ ਤੋਂ ਜਿੱਤਣ ਮਗਰੋਂ ਅਸਾਮ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ਲਈ ਅਸਥਾਈ ਤੌਰ 'ਤੇ ਜੇਲ੍ਹ ਛੱਡਣ ਦੀ ਇਜਾਜ਼ਤ ਦਿੱਤੀ ਸੀ। ਇਸੇ ਤਰ੍ਹਾਂ ਇੱਕ ਕੇਸ ਵਿੱਚ ਜੇਲ੍ਹ ਵਿੱਚੋਂ ਸਭ ਤੋਂ ਮਸ਼ਹੂਰ ਚੋਣ ਜਿੱਤ 1977 ਵਿੱਚ ਹੋਈ ਸੀ। ਟਰੇਡ ਯੂਨੀਅਨਿਸਟ ਜਾਰਜ ਫਰਨਾਂਡੀਜ਼ ਐਮਰਜੈਂਸੀ ਦੌਰਾਨ ਜੇਲ੍ਹ ਵਿੱਚ ਰਹਿੰਦਿਆਂ ਮੁਜ਼ੱਫਰਪੁਰ ਸੀਟ ਤੋਂ ਚੁਣੇ ਗਏ ਸਨ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ।
ਸਹੁੰ ਚੁੱਕਣ ਦੀ ਇਜਾਜ਼ਤ ਦੇਣਾ ਜ਼ਮਾਨਤ 'ਤੇ ਰਿਹਾਅ ਹੋਣ ਵਰਗਾ ਨਹੀਂ। ਇਹ ਇੱਕ ਦਿਨ ਦੀ ਵਿਸ਼ੇਸ਼ ਪੈਰੋਲ ਦੇ ਸਮਾਨ ਹੈ। ਜੇਲ੍ਹ 'ਚ ਬੰਦ ਸੰਸਦ ਮੈਂਬਰ ਨੂੰ ਸੰਸਦ 'ਚ ਹਰ ਕਦਮ 'ਤੇ ਵੱਖ-ਵੱਖ ਥਾਵਾਂ ਤੋਂ ਇਜਾਜ਼ਤ ਲੈਣੀ ਪਵੇਗੀ। ਇੰਨਾ ਹੀ ਨਹੀਂ ਜੇਕਰ ਉਹ ਸੰਸਦ ਤੋਂ ਗੈਰਹਾਜ਼ਰ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਲਈ ਸਪੀਕਰ ਨੂੰ ਵੀ ਪੱਤਰ ਲਿਖਣਾ ਹੋਵੇਗਾ।
ਇਹ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੰਵਿਧਾਨ ਦੀ ਧਾਰਾ 101 (4) ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਸੰਸਦ ਮੈਂਬਰ ਬਿਨਾਂ ਇਜਾਜ਼ਤ 60 ਦਿਨਾਂ ਤੋਂ ਵੱਧ ਸਮੇਂ ਤੱਕ ਸਾਰੀਆਂ ਬੈਠਕਾਂ ਤੋਂ ਗੈਰਹਾਜ਼ਰ ਰਹਿੰਦਾ ਹੈ, ਤਾਂ ਉਸ ਦੀ ਸੀਟ ਖਾਲੀ ਘੋਸ਼ਿਤ ਕਰ ਦਿੱਤੀ ਜਾਵੇਗੀ।
ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਜਾਂ ਸੰਸਦ ਵਿੱਚ ਵੋਟ ਪਾਉਣ ਲਈ ਸੰਸਦ ਮੈਂਬਰ ਨੂੰ ਅਦਾਲਤ ਵਿੱਚ ਪਹੁੰਚ ਕਰਨੀ ਪਵੇਗੀ। ਇਸ ਦੇ ਨਾਲ ਹੀ ਜੇਕਰ ਇਸ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਕਿਸੇ ਮਾਮਲੇ ਵਿੱਚ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੋਈ ਤਾਂ ਉਹ ਅਯੋਗ ਕਰਾਰ ਦੇ ਦਿੱਤੇ ਜਾਣਗੇ। ਦੱਸ ਦਈਏ ਕਿ ਜੇਕਰ ਸਰਕਾਰ ਚੋਣ ਨਤੀਜਿਆਂ ਨੂੰ ਦੇਖਦੇ ਹੋਏ ਐਨਐਸਏ ਨੂੰ ਹਟਾ ਦਿੰਦੀ ਹੈ ਤਾਂ ਵੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤੀ ਚੱਕਰਾਂ ਵਿੱਚ ਫਸੇ ਰਹਿਣਾ ਪਵੇਗਾ। ਅੰਮ੍ਰਿਤਪਾਲ ਸਿੰਘ ਖਿਲਾਫ ਥਾਣਾ ਅਜਨਾਲਾ ਵਿਖੇ ਗੈਰ-ਕਾਨੂੰਨੀ ਹਥਿਆਰਾਂ ਨਾਲ ਹਮਲਾ ਕਰਨ ਸਮੇਤ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ। ਇੰਨਾ ਹੀ ਨਹੀਂ ਉਨ੍ਹਾਂ ਖਿਲਾਫ ਆਸਾਮ ਦੇ ਥਾਣੇ 'ਚ ਵੀ ਮਾਮਲਾ ਦਰਜ ਹੈ ਜਿਸ 'ਚ ਪੁਲਿਸ ਨੇ ਤਲਾਸ਼ੀ ਦੌਰਾਨ ਡਿਬਰੂਗੜ੍ਹ ਜੇਲ੍ਹ 'ਚੋਂ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਸਨ।