ਚੰਡੀਗੜ੍ਹ: ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਭਾਈ ਹਿੰਮਤ ਸਿੰਘ ਬੇਅਦਬੀ ਕਾਂਡ ਤੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕਰਨ ਸਬੰਧੀ ਮਾਮਲਿਆਂ ਦੀਆਂ ਪਰਤਾਂ ਖੋਲ੍ਹਣਗੇ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਇਸ ਬਾਰੇ ਕਈ ਪੁਖ਼ਤਾ ਸਬੂਤ ਹਨ ਜਿਨ੍ਹਾਂ ਨੂੰ ਉਹ ਮਾਮਲੇ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਂਪਣਗੇ। ਭਾਈ ਹਿੰਮਤ ਸਿੰਘ ਦੇ ਖੁਲਾਸੇ ਸ਼੍ਰੋਮਣੀ ਕਮੇਟੀ ਦੀਆਂ ਮੁਸ਼ਕਲਾਂ ਵਧਾ ਸਕਦੇ ਹਨ।


ਦਰਅਸਲ ਭਾਈ ਹਿੰਮਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਨੌਕਰੀ ਤੋਂ ਅਤਸੀਫਾ ਦਿੰਦਿਆ ਕਮੇਟੀ ਅਧਿਕਾਰੀਆਂ 'ਤੇ ਵੱਡੇ ਇਲਜ਼ਾਮ ਲਾਏ ਹਨ। ਉਹ ਹਰਿਆਣਾ ਦੇ ਜ਼ਿਲ੍ਹਾ ਜੀਂਦ ਵਿੱਚ ਗੁਰਦੁਆਰਾ ਧਮਧਾਨ ਸਾਹਿਬ ਵਿੱਚ ਸਹਾਇਕ ਗ੍ਰੰਥੀ ਵਜੋਂ ਤਾਇਨਾਤ ਸਨ ਤੇ ਮੰਗਲਵਾਰ ਅਚਾਨਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਭੇਜੇ ਅਸਤੀਫ਼ੇ ਵਿੱਚ ਭਾਈ ਹਿੰਮਤ ਸਿੰਘ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵੱਲੋਂ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਦਾ ਤਬਾਦਲਾ ਅਕਾਲ ਤਖ਼ਤ ਤੋਂ ਹਰਿਆਣਾ ਵਿੱਚ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਦੀ ਪਤਨੀ ਨੂੰ ਅਧਰੰਗ ਦਾ ਅਟੈਕ ਵੀ ਹੋ ਚੁੱਕਿਆ ਹੈ। ਉਨ੍ਹਾਂ ਦੇ ਬੱਚੇ ਛੋਟੇ ਹਨ। ਇਸ ਬਾਰੇ ਪ੍ਰਬੰਧਕਾਂ ਨੂੰ ਦੱਸਿਆ ਵੀ ਗਿਆ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਬਦਲੀ ਹਰਿਆਣਾ ਵਿੱਚ ਕੀਤੀ ਗਈ। ਇਨ੍ਹਾਂ ਕਾਰਨਾਂ ਕਰਕੇ ਉਹ ਨੌਕਰੀ ਤੋਂ ਅਸਤੀਫ਼ਾ ਦੇ ਰਿਹਾ ਹੈ।

ਉਨ੍ਹਾਂ ਲਿਖਿਆ ਕਿ ਪ੍ਰੇਸ਼ਾਨ ਕਰਨ ਦਾ ਸਿਲਸਿਲਾ ਉਦੋਂ ਸ਼ੁਰੂ ਹੋਇਆ ਜਦੋਂ ਉਸ ਦੇ ਭਰਾ ਤੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕਰਨ ਪਿੱਛੇ ਭੇਤ ਦਾ ਖ਼ੁਲਾਸਾ ਕੀਤਾ ਗਿਆ। ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਦਾਅਵਾ ਕੀਤਾ ਸੀ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਸਤੰਬਰ 2015 ਵਿੱਚ ਮੁਆਫ਼ ਕਰਨ ਵਾਲਾ ਪੱਤਰ ਸੁਖਬੀਰ ਸਿੰਘ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਸੱਦ ਕੇ ਸੌਂਪਿਆ ਗਿਆ ਸੀ। ਇਸ ਸਬੰਧੀ ਤਿੰਨਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ ਸੱਦਿਆ ਗਿਆ ਸੀ।

ਡੇਰਾ ਸਿਰਸਾ ਮੁਖੀ ਨੂੰ ਮੁਆਫ ਕਰਨ ਦੇ ਮਾਮਲੇ ਵਿੱਚ ਕਈ ਭੇਤ ਉਜਾਗਰ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਹਰਿਆਣਾ ਦੇ ਗੁਰਦੁਆਰਾ ਧਮਤਾਨ ਸਾਹਿਬ ਵਿਖੇ ਬਤੌਰ ਮੁੱਖ ਗ੍ਰੰਥੀ ਤਬਾਦਲਾ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਦਾ ਕੁਆਰਟਰ ਖਾਲੀ ਕਰਾਉਣ ਲਈ ਬੱਤੀ-ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਸੀ। ਉਸ ਤੋਂ ਬਾਅਦ ਉਸ ਦੇ ਭਰਾ ਹਿੰਮਤ ਸਿੰਘ ਦਾ ਤਬਾਦਲਾ ਵੀ ਅੰਮ੍ਰਿਤਸਰ ਤੋਂ ਹਰਿਆਣਾ ਵਿੱਚ ਕਰ ਦਿੱਤਾ ਗਿਆ ਸੀ।