ਲੁਧਿਆਣਾ : ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸਾਬਕਾ ਮੰਤਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਭਾਰਤ ਭੂਸ਼ਣ ਆਸ਼ੂ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸਨ। ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਨੂੰ 22 ਅਗਸਤ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ ਗ੍ਰਿਫਤਾਰ ਕੀਤਾ ਸੀ। ਆਸ਼ੂ ਨੂੰ 3 ਵਾਰ 8 ਦਿਨ ਦਾ ਰਿਮਾਂਡ ਲੈਣ ਤੋਂ ਬਾਅਦ 31 ਅਗਸਤ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਲਾਈ ਗਈ ਜ਼ਮਾਨਤ ਅਰਜ਼ੀ ਪਾਈ ਗਈ ਸੀ। ਇਸ ਮਾਮਲੇ ਵਿੱਚ 7 ਤਰੀਕ ਨੂੰ ਬਹਿਸ ਹੋਈ ਸੀ। ਆਏ ਡੇਢ ਘੰਟਾ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ 9 ਸਤੰਬਰ ਤੱਕ ਫੈਸਲਾ ਰਾਖਵਾਂ ਰੱਖਿਆ ਸੀ। ਜਿਸ ਤੋਂ ਬਾਅਦ ਜੱਜ ਨੇ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ,ਜਿਸ ਦੀ ਸਰਕਾਰੀ ਵਕੀਲ ਨੇ ਪੁਸ਼ਟੀ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਆਸ਼ੂ ਦੇ ਇਕ ਹੋਰ ਸਾਥੀ ਇੰਦਰਜੀਤ ਇੰਦੀ ਦੀ ਵੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ।
ਇਸ ਮਾਮਲੇ ਵਿੱਚ ਸਰਕਾਰੀ ਵਕੀਲ ਨੇ ਕਿਹਾ ਕਿ ਆਸ਼ੂ ਤੇ ਉਸ ਦੇ ਸਾਥੀ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਹਾਲੇ ਸ਼ੁਰੂਆਤੀ ਦੌਰ ਵਿੱਚ ਹੈ। ਇਸ ਕਰਕੇ ਹਾਲੇ ਉਸ ਨੂੰ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਹਾਲੇ ਜਾਂਚ ਚੱਲ ਰਹੀ ਹੈ। ਇਸੇ ਅਧਾਰ ਕਰਕੇ ਹੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਸੀ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।