ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਬੀਤੇ ਕੱਲ ਸਾਬਕਾ ਕਾਂਗਰਸੀ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਗ੍ਰਿਫਤਾਰ ਕੀਤਾ ਸੀ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਅੱਜ ਸਾਢੇ ਨੌਂ ਵਜੇ ਤੋਂ ਬਾਅਦ ਮੈਡੀਕਲ ਕਰਵਾਇਆ ਜਾ ਸਕਦਾ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਸਾਬਕਾ ਕਾਂਗਰਸੀ ਮੰਤਰੀ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ। 

 

ਪੰਜਾਬ ਦੇ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ ਹਿਰਾਸਤ ਵਿੱਚ ਲਿਆ ਹੈ। ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਵੀ ਦੋਸ਼ ਲਾਇਆ ਸੀ। ਕੋਰੋਨਾ ਦੌਰ ਦੌਰਾਨ ਦੋ ਹਜ਼ਾਰ ਕਰੋੜ ਦੇ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ 'ਚ ਆਸ਼ੂ ਖ਼ਿਲਾਫ਼ ਜਾਂਚ ਚੱਲ ਰਹੀ ਹੈ।

 

ਕਾਂਗਰਸ ਵੱਲੋਂ ਮੋਹਾਲੀ ਸਥਿਤ ਵਿਜੀਲੈਂਸ ਹੈੱਡਕੁਆਰਟਰ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਦੇ ਨੇਤਾਵਾਂ ਖਿਲਾਫ ਰੋਜ਼ਾਨਾ ਲਗਾਏ ਜਾ ਰਹੇ ਦੋਸ਼ਾਂ ਤੋਂ ਤੰਗ ਆ ਚੁੱਕੀ ਹੈ। ਕਾਂਗਰਸ ਨੇ ਇਸ ਨੂੰ ਬਦਲਾਖੋਰੀ ਦੀ ਸਿਆਸਤ ਦੱਸਿਆ। ਜਿਸ ਮਗਰੋਂ ਕਾਂਗਰਸ ਵਿਜੀਲੈਂਸ ਅੱਗੇ ਪੇਸ਼ ਹੋਈ। ਇਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੂੰ ਚਿੱਠੀ ਲਿਖੀ ਹੈ। 

 

ਜਦੋਂ ਪੰਜਾਬ ਵਿਜੀਲੈਂਸ ਦੀ ਟੀਮ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਲਈ ਲੁਧਿਆਣਾ ਪਹੁੰਚੀ ਤਾਂ ਮੌਕੇ 'ਤੇ ਮੌਜੂਦ ਕਾਂਗਰਸੀ ਐਮਪੀ ਰਵਨੀਤ ਬਿੱਟੂ ਨੇ ਇਸ ਦਾ ਵਿਰੋਧ ਕੀਤਾ। ਜਦੋਂ ਵਿਜੀਲੈਂਸ ਟੀਮ ਪਹੁੰਚੀ ਤਾਂ ਆਸ਼ੂ ਇੱਕ ਸੈਲੂਨ ਵਿੱਚ ਸੀ। ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸੀ। ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਕਾਫੀ ਦੇਰ ਤੱਕ ਬਹਿਸ ਕੀਤੀ ਜੋ ਫੇਸਬੁੱਕ 'ਤੇ ਲਾਈਵ ਚੱਲ ਰਹੀ ਸੀ।

ਦੱਸਣਯੋਗ ਹੈ ਕਿ ਭਿਸ਼੍ਰਟਾਚਾਰ ਮਾਮਲੇ 'ਚ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਭਾਰਤ ਭੂਸ਼ਣ ਆਸ਼ੂ ਵੱਲੋਂ ਹਾਈਕੋਰਟ ਦਾ ਰੁੱਖ ਵੀ ਕੀਤਾ ਗਿਆ ਸੀ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਸੀ। ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ ‘ਚ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।