Shiromani Akali Dal: ਤਿੰਨ ਤਖਤਾਂ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਭੂਚਾਲ ਆ ਗਿਆ ਹੈ। ਸੀਨੀਅਰ ਲੀਡਰ ਬਿਕਰਮ ਮਜੀਠੀਆ ਵੱਲੋਂ ਵਿਰੋਧ ਕਰਨ ਮਗਰੋਂ ਅੱਜ ਸੈਂਕੜੇ ਅਕਾਲੀ ਲੀਡਰਾਂ ਨੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਪਾਰਟੀ ਅੰਦਰ ਵੱਡੀ ਬਗਾਵਤ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਬਿਆਨਬਾਜ਼ੀ ਕਰਨ ਵਾਲੇ ਲੀਡਰਾਂ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਬਿਆਨਾਂ/ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ। ਇਸ ਮੁੱਦੇ 'ਤੇ ਅੱਜ ਚੰਡੀਗੜ੍ਹ ਵਿਖੇ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਚਰਚਾ ਕੀਤੀ ਗਈ। ਮੀਟਿੰਗ ਵਿੱਚ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸ੍ਰੀ ਸੇਖੋਂ, ਮਹੇਸ਼ਇੰਦਰ ਸ੍ਰੀ ਗਰੇਵਾਲ, ਹੀਰਾ ਸਿੰਘ ਗਾਭੜੀਆ ਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹੋਏ। 

ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰ ਕੋਈ ਪਾਰਟੀ ਫੋਰਮ 'ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਆਜ਼ਾਦ ਹੈ ਪਰ ਕਿਸੇ ਨੂੰ ਵੀ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉੱਪਰ ਨਹੀਂ ਹੈ।  ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਪਾਰਟੀ ਵਿਰੋਧੀ ਬਿਆਨ ਤੇ ਵੀਡੀਓਜ਼ ਪਾਰਟੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਤੇ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੇ ਜਵਾਬਾਂ 'ਤੇ ਵਿਚਾਰ ਕਰਨ ਤੋਂ ਬਾਅਦ ਯੋਗਤਾ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਬਿਕਰਮ ਮਜੀਠੀਆ ਦੀ ਟਿੱਪਣੀ ਤੋਂ ਬਾਅਦ ਅਕਾਲੀ ਦਲ ਹੋਇਆ ਦੋਫਾੜ !

ਲੰਘੇ ਦਿਨ ਬਿਕਰਮ ਸਿੰਘ ਮਜੀਠੀਆ (Bikram Singh Majithia) ਤੇ ਹੋਰ ਸਾਥੀਆਂ ਵੱਲੋਂ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਉਣ ਦੇ ਹਾਲੀਆ ਫੈਸਲੇ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ, ਅਸੀਂ ਇਸ ਫੈਸਲੇ ਨਾਲ ਸਹਿਮਤ ਨਹੀਂ ਹਾਂ। ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਨੂੰ ਬਹਾਲ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।

ਮਜੀਠੀਆ ਨੇ ਮਾਰਿਆ ਪਿੱਠ ਵਿੱਚ ਛੁਰਾ

ਓਧਰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ (balwinder singh bhunder) ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਸਿੰਘ ਸਾਹਿਬਾਨ ਨੂੰ ਅਹੁਦਿਆਂ ਤੋਂ ਹਟਾਏ ਜਾਣ ਬਾਰੇ ਦਿੱਤੇ ਬਿਆਨ 'ਤੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟਕੇ ਪਿੱਠ ਪੂਰੀ ਮਦਦ ਕੀਤੀ ਪਰ ਅੱਜ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਬਿਕਰਮ ਸਿੰਘ ਮਜੀਠੀਆ ਨੇ ਨਾਲ ਡੱਟਕੇ ਖੜ੍ਹਣ ਦੀ ਥਾਂ ਇੱਕ ਤਰ੍ਹਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।