Bibi Jagir Kaur: ਬੀਬੀ ਜਗੀਰ ਕੌਰ ਦੇ ਤੇਵਰ ਬਦਲਦੇ ਨਜ਼ਰ ਨਹੀਂ ਆ ਰਹੇ। ਬੇਸ਼ੱਕ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦਿੱਤਾ ਹੈ ਪਰ ਉਨ੍ਹਾਂ ਨੇ ਆਪਣਾ ਸਟੈਂਡ ਸਪਸ਼ਟ ਕਰ ਦਿੱਤਾ ਹੈ। ਉਨ੍ਹਾਂ ਨੇ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਇਹ ਮੌਕਾ ਉਦੋਂ ਦੇਣਾ ਸੀ ਜਦੋਂ ਮੁਅੱਤਲ ਕੀਤਾ ਸੀ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦੇ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ 12.00 ਵਜੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਇੱਕ ਆਖ਼ਰੀ ਮੌਕਾ ਦਿੱਤਾ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਦਿੱਤੇ ਗਏ ਇੱਕ ਹੋਰ ਮੌਕੇ 'ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮੌਕਾ ਉਦੋਂ ਦੇਣਾ ਸੀ ਜਦੋਂ ਮੁਅੱਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੇ ਖ਼ਿਲਾਫ਼ ਕੋਈ ਗਲਤ ਬਿਆਨਬਾਜ਼ੀ ਨਹੀਂ ਕੀਤੀ।
ਸੁਖਬੀਰ ਬਾਦਲ ਸਾਹਮਣੇ ਵੱਡੀ ਚੁਣੌਤੀ! ਪੂਰੀ ਖੇਡ ਵਿਗਾੜ ਸਕਦੀ ਬੀਬੀ ਜਗੀਰ ਕੌਰ ਦੀ ਬਗਾਵਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਾਹਮਣੇ ਨਿੱਤ ਨਵੀਆਂ ਚੁਣੌਤੀਆਂ ਖੜ੍ਹੀਆਂ ਹੋ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਅਕਾਲੀ ਦਲ ਦੀ ਹਾਲਤ ਕਸੂਤੀ ਬਣਦੀ ਜਾ ਰਹੀ ਹੈ। ਬੀਬੀ ਜਗੀਰ ਕੌਰ ਵੱਲੋਂ ਬਗਾਵਤ ਕਰਨ ਮਗਰੋਂ ਬਾਦਲ ਪਰਿਵਾਰ ਵਿਰੋਧੀ ਲੀਡਰ ਇੱਕਜੁੱਟ ਹੋਣ ਲੱਗੇ ਹਨ। ਸੂਤਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਵਿੱਚ ਇਸ ਵਾਰ ਅਕਾਲੀ ਦਲ ਦੇ ਖੇਮੇ ਵਿੱਚ ਸੰਨ੍ਹ ਲੱਗ ਸਕਦੀ ਹੈ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅੰਦਰ ਭਖ਼ੇ ਮਾਹੌਲ ਦਰਮਿਆਨ ਅਕਾਲੀ ਦਲ ਵਿਰੋਧੀ ਸਾਰੇ ਧੜਿਆਂ ਵੱਲੋਂ ਬੀਬੀ ਜਗੀਰ ਕੌਰ ਦੀ ਖੁੱਲ੍ਹ ਕੇ ਮਦਦ ਕੀਤੀ ਜਾ ਰਹੀ ਹੈ। ਸੁਖਦੇਵ ਸਿੰਘ ਢੀਂਡਸਾ, ਰਵੀਇੰਦਰ ਸਿੰਘ ਤੇ ਹੋਰਨਾਂ ਵੱਲੋਂ ਬਾਦਲ ਪਰਿਵਾਰ ਨੂੰ ਠਿੱਬੀ ਲਾਉਣ ਦੇ ਯਤਨ ਕੀਤੇ ਜਾ ਰਹੇ ਹਨ।