ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਮ ਆਦਮੀ ਪਾਰਟੀ 'ਤੇ ਕਈ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਬੇਅਦਬੀ ਦਾ ਇਨਸਾਫ਼ ਇੱਕ ਮਹੀਨੇ ਅੰਦਰ ਦੇਣ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਹਰਿਆਣਾ ਦੀਆਂ ਚੋਣਾਂ ਸਬੰਧੀ ਗੁਰੂ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਨਹੀਂ ਦੇ ਰਹੀ।


ਬੀਬੀ ਜਗੀਰ ਕੌਰ ਨੇ ਕਿਹਾ ਕਿ ਆਈਜੀ ਰਣਬੀਰ ਸਿੰਘ ਖਟੜਾ ਦੀ ਐਸਆਈਟੀ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਹੈ, ਜਿਸ ਕਾਰਨ ਐਫਆਈਆਰ ਦੀ ਪੈਰਵੀ ਲਈ ਚਲਾਨ ਪੇਸ਼ ਨਹੀਂ ਕੀਤਾ ਜਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਚੋਣਾਂ ਵਿੱਚ ਡੇਰਾ ਸੱਚਾ ਸੌਦਾ ਦਾ ਕਈ ਸੀਟਾਂ ’ਤੇ ਡੂੰਘਾ ਪ੍ਰਭਾਵ ਹੈ, ਜਿਸ ਕਰਕੇ ‘ਆਪ’ ਸਰਕਾਰ ਵੋਟ ਬੈਂਕ ਦੀ ਰਾਜਨੀਤੀ ਕਰ ਰਹੀ ਹੈ, ਜਦੋਂਕਿ 2015 ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਕਾਂਗਰਸ ਅਤੇ ਹੁਣ ‘ਆਪ’ ਦੀ ਸਰਕਾਰ ਹੈ ਪਰ ਕਿਸੇ ਵੀ ਸਰਕਾਰ ਨੇ ਨਹੀਂ ਗੁਰੂ ਸਾਹਿਬ ਦੀ ਬੇਅਦਬੀ ਨਾਲ ਇਨਸਾਫ ਕੀਤਾ।


ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਕਾਰ ਆਈਜੀ ਖਟੜਾ ਨੂੰ ਵੀ ਗਲਤ ਕੇਸ ਵਿੱਚ ਫਸਾਉਣ ਦਾ ਕੰਮ ਕਰ ਰਹੀ ਹੈ, ਜਦੋਂ ਕਿ ਸਾਲ 2022 ਤੋਂ ਹੁਣ 2024 ਹੋ ਗਿਆ ਹੈ, ਮੁੱਖ ਮੰਤਰੀ ਭਗਵੰਤ ਮਾਨ ਨੇ ਅਜੇ ਤੱਕ ਇਸ ਕੇਸ ਸਬੰਧੀ ਪ੍ਰਵਾਨਗੀ ਨਹੀਂ ਦਿੱਤੀ ਹੈ।


ਉਨ੍ਹਾਂ ਅਕਾਲੀ ਦਲ ਦੀ ਸਰਕਾਰ ਸਮੇਂ 90 ਲੱਖ ਰੁਪਏ ਦੇ ਇਸ਼ਤਿਹਾਰ ਦੇਣ ਲਈ ਅਕਾਲੀ-ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਈ ਵੱਡੀਆਂ ਗਲਤੀਆਂ ਕਰਕੇ ਅੱਜ ਲੋਕ ਅਕਾਲੀ ਦਲ ਤੋਂ ਦੂਰ ਹੋ ਗਏ ਹਨ। ਅਕਾਲੀ ਦਲ ਬਚਾਓ ਲਹਿਰ ਹੁਣ ਲੋਕਾਂ ਵਿੱਚ ਪੁਰਾਣੀ ਵਿਚਾਰਧਾਰਾ ਨੂੰ ਮੁੜ ਸੁਰਜੀਤ ਕਰਨ ਲਈ 5 ਅਗਸਤ ਤੋਂ ਚੰਡੀਗੜ੍ਹ ਵਿੱਚ ਸੈਮੀਨਾਰ ਸ਼ੁਰੂ ਕਰੇਗੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।