SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਚੋਣ ਲੜਨ ਦੇ ਐਲਾਨ ਨਾਲ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਚੋਣ ਲਈ ਪੰਜਾਬ ਭਰ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ।


ਬੀਬੀ ਜਗੀਰ ਕੌਰ ਦੇ ਐਲਾਨ ਕਰਨ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਦਿੱਕਤਾਂ ਵਿੱਚ ਜ਼ਰੂਰ ਇਜ਼ਾਫਾ ਹੋਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀ ਕਵਾਇਦ ਵੀ ਜਾਰੀ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖੜਾ ਉਨ੍ਹਾਂ ਨੂੰ ਮਨਾਉਣ ਲਈ ਗਏ ਅਤੇ ਇਹ ਬੰਦ ਕਮਰਾ ਮੀਟਿੰਗ ਕਾਫੀ ਲੰਬਾ ਸਮਾਂ ਚੱਲੀ ਜਿਸ ਨੂੰ ਉਨ੍ਹਾਂ ਨੂੰ ਆਪਣੇ ਫ਼ੈਸਲੇ ਤੇ ਮੁੜ ਵਿਚਾਰ ਕਰਨ ਲਈ ਅਪੀਲ ਕੀਤੀ ਗਈ।


ਇਸ ਮੀਟਿੰਗ ਤੋਂ ਬਾਅਦ ਰੱਖੜਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਭਰੋਸਾ ਦਿੱਤਾ ਹੈ ਕਿ ਉਹ ਆਪਣੇ ਫ਼ੈਸਲੇ ਤੇ ਜ਼ਰੂਰ ਮੁੜ ਵਿਚਾਰ ਕਰਨਗੇ। ਹਾਲਾਂਕਿ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹ ਆਪਣੇ ਫ਼ੈਸਲੇ ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬੇਨਤੀ ਕੀਤੀ ਸੀ ਉਹ ਉਸ ਤੇ ਕਾਇਮ ਹਨ ਤੇ ਆਜ਼ਦ ਹੋ ਕੇ ਚੋਣ ਲੜਣਗੇ।


ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲਿਫਾਫਾ ਸੱਭਿਆਚਾਰ ਨਾਲ ਜੋੜਿਆ ਜਾਂਦਾ ਹੈ ਤੇ ਇਸ ਦੇ ਵਿਰੋਧ ਵਿੱਚ ਬੀਬੀ ਜਗੀਰ ਕੌਰ ਨੇ ਚੋਣ ਲੜਣ ਦਾ ਐਲਾਨ ਕੀਤਾ ਹੈ। ਯਾਦ ਰਹੇ ਕਿ ਉਹ ਵੀ ਇਸ ਤਰ੍ਹਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।


ਗ਼ੌਰ ਕਰਨ ਵਾਲੀ ਗੱਲ ਹੈ ਕਿ ਜੇ ਜਗੀਰ ਕੌਰ ਆਪਣੇ ਸਟੈਂਡ ਤੇ ਕਾਇਮ ਰਹਿੰਦੇ ਹਨ ਤਾਂ ਪਹਿਲਾਂ ਹੀ ਪਾਟੋ ਧਾੜ ਹੋਈ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਰ ਧੜੇਬੰਦੀ ਵਧਣ ਦੇ ਆਸਾਰ ਹਨ। ਇਹ ਵੀ ਖਾਸ ਗੱਲ ਹੈ ਪ੍ਰਧਾਨਗੀ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਲੰਬੇ ਸਮੇਂ ਬਾਅਦ ਚੁਣੌਤੀ ਮਿਲ ਰਹੀ ਹੈ ਕਿਉਂ ਕਿ ਹਾਲੇ ਤੱਕ ਕਿਸੇ ਨੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜਣ ਦਾ ਐਲਾਨ ਨਹੀਂ ਕੀਤਾ ਹੈ।