Rajinder Kaur Bhattal : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਖੁਦ ਕਹਿ ਰਹੇ ਹਨ ਕਿ ਉਹ ਕਾਂਗਰਸ ਵਿੱਚ ਵਾਪਸ ਜਾਣ ਲਈ ਤਿਆਰ ਹਨ। ਭਾਜਪਾ ਵਿੱਚ ਹੁਣ ਉਨ੍ਹਾਂ ਨੂੰ ਕੋਈ ਪੁੱਛ ਨਹੀਂ ਰਿਹਾ।
ਬੀਬੀ ਭੱਠਲ ਨੇ ਤੰਜ ਕੱਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਸਿਆਸਤ ਵਿੱਚ ਵਾਪਸੀ ਦੀ ਇੱਛਾ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਚਾਹੇ ਉਹ ਖੁਦ ਹੋਣ, ਕੈਪਟਨ ਅਮਰਿੰਦਰ ਸਿੰਘ ਹੋਣ ਜਾਂ ਕੋਈ ਹੋਰ ਆਗੂ, ਹੁਣ ਭਗਵਾਨ ਦਾ ਨਾਮ ਲੈਣ ਦਾ ਸਮਾਂ ਹੈ। ਬਹੁਤ ਰਾਜ ਕਰ ਲਿਆ, ਹੁਣ ਸੱਤਾ ਦੀ ਭੁੱਖ ਨਹੀਂ ਰੱਖਣੀ ਚਾਹੀਦੀ।
ਅਕਾਲੀ-ਭਾਜਪਾ ਗਠਜੋੜ 'ਤੇ ਵੀ ਦਿੱਤਾ ਬਿਆਨ
ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗਠਜੋੜ ਬਾਰੇ ਬੋਲਦਿਆਂ ਬੀਬੀ ਭੱਠਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਪਹਿਲਾਂ ਵੀ ਗਠਜੋੜ ਹੁੰਦਾ ਰਿਹਾ ਹੈ। ਕਾਂਗਰਸ ਪਹਿਲਾਂ ਵੀ ਇਨ੍ਹਾਂ ਨੂੰ ਹਰਾ ਕੇ ਸਰਕਾਰ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਗਠਜੋੜ ਕਦੇ ਟੁੱਟਿਆ ਹੀ ਨਹੀਂ ਸੀ, ਪਿਛਲੇ ਸਮੇਂ ਵਿੱਚ ਸਿਰਫ਼ ਡਰਾਮਾ ਕੀਤਾ ਗਿਆ ਸੀ। ਇਸ ਲਈ ਇਸ ਗਠਜੋੜ ਦਾ ਕਾਂਗਰਸ 'ਤੇ ਕੋਈ ਅਸਰ ਨਹੀਂ ਪਵੇਗਾ।
ਮੋਦੀ ਅਤੇ ਮਾਨ ਸਰਕਾਰ ਦੇ ਵਾਅਦਿਆਂ 'ਤੇ ਵੀ ਚੁੱਕੇ ਸਵਾਲ
ਬੀਬੀ ਭੱਠਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕਾਂ ਦੇ ਖਾਤਿਆਂ ਵਿੱਚ 15-15 ਲੱਖ ਰੁਪਏ ਪਾਉਣ ਦੇ ਵਾਅਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਆਏ। ਉਨ੍ਹਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਘੋਸ਼ਣਾਵਾਂ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕਈ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ ਜਾਂ ਫਿਰ ਸਰਕਾਰੀ ਪੈਸਾ ਖਰਚ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਮੀਨੀ ਪੱਧਰ 'ਤੇ ਕੰਮ ਨਜ਼ਰ ਨਹੀਂ ਆ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।