Amritsar News: ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸੋਧ ਬਿੱਲ 'ਤੇ ਸ਼੍ਰੋਮਣੀ ਕਮੇਟੀ ਦਾ ਵੱਡਾ ਐਕਸ਼ਨ, ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਮੂਹ ਮੈਂਬਰਾਂ ਨੇ ਸਰਬਸਮਤੀ ਨਾਲ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਹੈ।
Amritsar News: ਸ਼੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਮੂਹ ਮੈਂਬਰਾਂ ਨੇ ਸਰਬਸਮਤੀ ਨਾਲ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇੱਕ ਨੁਕਾਤੀ ਏਜੰਡਾ ’ਤੇ ਸੱਦੇ ਹੰਗਾਮੀ ਜਨਰਲ ਇਜਲਾਸ ਵਿੱਚ ਇਹ ਮਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜ੍ਹਿਆ, ਜਿਸ ਨੂੰ ਹਾਲ ਵਿੱਚ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਸ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਗਿਆ ਤੇ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ। ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਪਾਸ ਕੀਤੇ ਬਿੱਲ ਨੂੰ ਵਾਪਸ ਲਵੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਲਿਆਂਦਾ ਗਿਆ ਬਿੱਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਪਾਸ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਵੀ ਪੰਜਾਬ ਸਰਕਾਰ ਦੇ ਇਸ ਬਿੱਲ ਨੂੰ ਰੱਦ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਮਾਸਟਰ ਤਾਰਾ ਸਿੰਘ ਤੇ ਜਵਾਹਰ ਲਾਲ ਨਹਿਰੂ ਵਿਚਾਲੇ ਸਮਝੌਤੇ ਤਹਿਤ ਸ਼੍ਰੋਮਣੀ ਕਮੇਟੀ ਜਨਰਲ ਹਾਊਸ ਦੇ ਦੋ ਤਿਹਾਈ ਬਹੁਮਤ ਨਾਲ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਸੋਧ ਕੀਤੀ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਹੋਈਆਂ ਸੋਧਾਂ ਵੀ ਇਸੇ ਤਰ੍ਹਾਂ ਜਨਰਲ ਹਾਊਸ ਵਲੋਂ ਦੋ ਤਿਹਾਈ ਬਹੁਮਤ ਨਾਲ ਕੀਤੀਆਂ ਸਿਫਾਰਸ਼ਾਂ ਤਹਿਤ ਹੋਈਆਂ ਹਨ। ਉਨ੍ਹਾਂ ਨੇ ਹਵਾਲਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਬਾਅਦ ਅੰਗਰੇਜ਼ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਗਏ ਸਨ ਪਰ ਸਿੱਖ ਪੰਥ ਵੱਲੋਂ ਸਰਕਾਰ ਦੀ ਸਥਾਪਤ ਕਮੇਟੀ ਨੂੰ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਰਕਾਰਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਤੇ ਇਹ ਸਿੱਖ-ਪਰੰਪਰਾਵਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।
ਜਨਰਲ ਹਾਸ ਇਜਲਾਸ ਵਿਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਹਾਜ਼ਰ ਸਨ। ਇਜਲਾਸ ਵਿਚ ਵੱਖ-ਵੱਖ ਧਿਰਾਂ ਅਤੇ ਧੜਿਆਂ ਦੇ ਮੈਂਬਰ ਵੀ ਸ਼ਾਮਲ ਸਨ। ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਨਾਲ ਸਿੰਘ ਸ਼ਬਦ ਲਾਉਣ ’ਤੇ ਵੀ ਇਤਰਾਜ਼ ਕੀਤਾ ਗਿਆ ਹੈ।