Farmer Protest: ਸ੍ਰੀ ਫਤਿਹਗੜ੍ਹ ਸਾਹਿਬ 'ਚ ਹੋਈ ਕਿਸਾਨ ਮਹਾਪੰਚਾਇਤ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh dallewal) ਨੇ ਕੇਂਦਰ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਮੀਟਿੰਗਾਂ ਲਈ ਸੱਦਾ ਦੇ ਰਹੀ ਹੈ ਤੇ ਦੂਜੇ ਪਾਸੇ ਰਾਤ ਨੂੰ ਕਿਸਾਨ ਮੋਰਚਿਆਂ 'ਤੇ ਤਾਕਤ ਦੀ ਵਰਤੋਂ ਕਰ ਰਹੀ ਹੈ।
ਡੱਲੇਵਾਲ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ (Shivraj Chauhan) ਦੀ ਅਪੀਲ ਰੱਦ ਕਰ ਦਿੱਤੀ। ਮੰਤਰੀ ਨੇ ਉਨ੍ਹਾਂ ਨੂੰ 4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੇ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦੇ ਕੇ ਮਰਨ ਵਰਤ ਖ਼ਤਮ ਕਰਨ ਲਈ ਕਿਹਾ ਸੀ। ਕਿਸਾਨ ਆਗੂ ਨੇ ਕਿਹਾ ਕਿ ਮੀਟਿੰਗ ਤੋਂ ਬਾਅਦ ਪਹਿਲਾਂ ਕੀਤੇ ਵਾਅਦੇ ਵੀ ਤੋੜ ਦਿੱਤੇ ਗਏ ਸਨ, ਇਸ ਲਈ ਹੁਣ ਉਨ੍ਹਾਂ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।
ਦੱਸ ਦਈਏ ਕਿ ਲੰਘੇ ਦਿਨ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੀ ਭੁੱਖ ਹੜਤਾਲ ਖਤਮ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਨਾਲ ਗੱਲਬਾਤ ਵਿੱਚ ਸ਼ਾਮਲ ਹੋਣ।ਬਿੱਟੂ ਨੇ ਕਿਹਾ ਸੀ ਕਿ ਤੁਹਾਡੀ ਸਿਹਤ ਜ਼ਿਆਦਾ ਮਹੱਤਵਪੂਰਨ ਹੈ ਅਤੇ ਤੁਹਾਡੀ ਜ਼ਿੰਦਗੀ ਪੰਜਾਬ ਦੇ ਲੋਕਾਂ ਲਈ ਕੀਮਤੀ ਹੈ ਕਿਉਂਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ਲਈ ਤੁਹਾਡੀ ਅਗਵਾਈ ਦੀ ਹਮੇਸ਼ਾ ਲੋੜ ਰਹੇਗੀ। ਲੋਕ ਸਭਾ ਸੈਸ਼ਨ ਦੌਰਾਨ ਸਾਰੇ ਭਾਜਪਾ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੇ ਡੱਲੇਵਾਲ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ 'ਤੇ ਕਈ ਮੀਟਿੰਗਾਂ ਕੀਤੀਆਂ ਹਨ ਅਤੇ ਗੱਲਬਾਤ ਜਾਰੀ ਰੱਖਣਾ ਚਾਹੁੰਦੀ ਹੈ।
ਜ਼ਿਕਰ ਕਰ ਦਈਏ ਕਿ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨ ਮੋਰਚਾ ਖਾਲੀ ਕਰਵਾਉਣ ਦੇ ਵਿਰੋਧ 'ਚ ਪੰਜਾਬ ਭਰ 'ਚ ਕਿਸਾਨ ਮਹਾਂਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ।