ਨਵਜੋਤ ਸਿੱਧੂ ਵੱਲੋਂ ਵੱਡੇ ਐਲਾਨ, ਔਰਤਾਂ ਨੂੰ 2000 ਤੇ ਕੁੜੀਆਂ ਨੂੰ 20000 ਰੁਪਏ ਦਿੱਤੇ ਜਾਣਗੇ
ਸਿੱਧੂ ਨੇ ਐਲਾਨ ਕੀਤਾ ਕਿ ਪੰਜਵੀਂ ਜਮਾਤ ਪਾਸ ਕਰਨ ਵਾਲੀ ਹਰ ਲੜਕੀ ਨੂੰ 5000 ਰੁਪਏ ਪ੍ਰਤੀ ਮਹੀਨਾ ਤੇ 10ਵੀਂ ਜਮਾਤ ਪਾਸ ਕਰਨ ਵਾਲੀਆਂ ਕੁੜੀਆਂ ਨੂੰ 15000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
ਬਰਨਾਲਾ: ਜ਼ਿਲ੍ਹੇ ਦੇ ਕਸਬਾ ਸ਼ਹਿਣਾ ਵਿੱਚ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਹਰ ਘਰੇਲੂ ਔਰਤ ਨੂੰ 2000 ਰੁਪਏ ਮਹੀਨਾ ਤੇ ਸਾਲ ਵਿੱਚ 8 ਗੈਸ ਸਿਲੰਡਰ ਮੁਫ਼ਤ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਇੱਕ ਹੋਰ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਧੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਨਕਦ ਰਾਸ਼ੀ ਦਿੱਤੀ ਜਾਵੇਗੀ।
ਸਿੱਧੂ ਨੇ ਐਲਾਨ ਕੀਤਾ ਕਿ ਪੰਜਵੀਂ ਜਮਾਤ ਪਾਸ ਕਰਨ ਵਾਲੀ ਹਰ ਲੜਕੀ ਨੂੰ 5000 ਰੁਪਏ ਪ੍ਰਤੀ ਮਹੀਨਾ ਤੇ 10ਵੀਂ ਜਮਾਤ ਪਾਸ ਕਰਨ ਵਾਲੀਆਂ ਕੁੜੀਆਂ ਨੂੰ 15000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸੇ ਤਰ੍ਹਾਂ 12ਵੀਂ ਜਮਾਤ ਪਾਸ ਕਰਨ ਵਾਲੀਆਂ ਧੀਆਂ ਨੂੰ 20000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਜੇਕਰ ਕੁੜੀਆਂ 12ਵੀਂ ਤੋਂ ਅੱਗੇ ਪੜ੍ਹਨਾ ਚਾਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਟੈਬਲੇਟ ਦਿੱਤੀ ਜਾਵੇਗੀ।
ਨਵਜੋਤ ਸਿੱਧੂ ਨੇ ਤੀਜਾ ਐਲਾਨ ਕਰਦਿਆਂ ਕਿਹਾ ਕਿ ਕਾਲਜ ਜਾਣ ਵਾਲੀਆਂ ਪੰਜਾਬ ਦੀਆਂ ਸਾਰੀਆਂ ਧੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਕੂਟੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਚੌਥਾ ਐਲਾਨ ਕਰਦਿਆਂ ਕਿਹਾ ਕਿ ਜ਼ਮੀਨ ਜਾਇਦਾਦ ਲੜਕੀਆਂ ਤੇ ਔਰਤਾਂ ਦੇ ਨਾਂ ਕਰਵਾਉਣ ਲਈ ਕੋਈ ਰਜਿਸਟਰੀ ਖਰਚ ਨਹੀਂ ਲਿਆ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਸਾਰੇ 28 ਜ਼ਿਲ੍ਹਿਆਂ ਵਿੱਚ ਔਰਤਾਂ ਤੇ ਧੀਆਂ ਲਈ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ। ਉਨ੍ਹਾਂ ਨੂੰ ਕੰਮ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ 2 ਲੱਖ ਰੁਪਏ ਦਾ ਕਰਜ਼ਾ ਬਿਨਾਂ ਵਿਆਜ ਤੋਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਨੂੰ 400 ਰੁਪਏ ਰੋਜ਼ਾਨਾ ਦਿੱਤੇ ਜਾਣਗੇ।
ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਦੋ ਮਹਿਲਾ ਕਮਾਂਡੋ ਬਟਾਲੀਅਨਾਂ ਬਣਾਈਆਂ ਜਾਣਗੀਆਂ ਤਾਂ ਜੋ ਔਰਤਾਂ ਤੇ ਧੀਆਂ ਸੁਰੱਖਿਅਤ ਰਹਿ ਸਕਣ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904