Punjab News: ਕਿਸਾਨ ਅੰਦੋਲਨ ਨੂੰ ਚੁਫੇਰਿਓਂ ਹਮਾਇਤ ਮਿਲਣ ਲੱਗੀ ਹੈ। ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲ ਪੰਪਾਂ ਵਾਲਿਾਂ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ ਅੱਜ ਪੈਟਰੋਲੀਅਮ ਕੰਪਨੀਆਂ ਤੋਂ ਡੀਜ਼ਲ ਤੇ ਪੈਟਰੋਲ ਸਮੇਤ ਕੋਈ ਵੀ ਵਸਤੂ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਪਾਂ ਤੇ ਤੇਲ ਨਾ ਵੇਚਣ ਤੇ 22 ਫਰਵਰੀ ਨੂੰ ਇੱਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। 



ਜ਼ਿਲ੍ਹਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸ਼ਿਵ ਕੁਮਾਰ ਜਗੋਤਾ ਨੇ ਦੱਸਿਆ ਕਿ ਸੂਬੇ ਦੇ ਪਟਰੌਲ ਪੰਪ ਮਾਲਕ ਪਿਛਲੇ ਲਗਪਗ ਸੱਤ ਸਾਲਾਂ ਤੋਂ ਪੈਟਰੋਲ ਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸਮੂਹ ਪੰਪ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। 


ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਦੇ ਹੱਕ ਲਈ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਤੇ ਹਰਿਆਣਾ ਸਰਕਾਰ ਰਾਹੀਂ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ 15 ਫਰਵਰੀ ਨੂੰ ਪੈਟਰੋਲੀਅਮ ਕੰਪਨੀਆਂ ਤੋਂ ਡੀਜ਼ਲ ਤੇ ਪੈਟਰੋਲ ਸਮੇਤ ਕੋਈ ਵੀ ਵਸਤੂ ਨਾ ਖਰੀਦਣ, 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਪਾਂ ਤੇ ਤੇਲ ਨਾ ਵੇਚਣ ਤੇ 22 ਫਰਵਰੀ ਨੂੰ ਇੱਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। 



ਉਧਰ, ਦਿੱਲੀ ਚੱਲੋ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਰੇਲਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ। ਜਥੇਬੰਦੀ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ। 



ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਤੇ ਅੱਜ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਸੂਬੇ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਟੌਲ ਮੁਕਤ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਹੈ ਕਿ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਲਾ ਵਿਹਾਰ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਦਾ ਅਜਿਹਾ ਵਤੀਰਾ ਪੰਜਾਬ ਦੇ ਲੋਕਾਂ ਵਿੱਚ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਮਜ਼ਬੂਤ ਕਰਨ ਦਾ ਸਬੱਬ ਬਣੇਗਾ। 


ਉਨ੍ਹਾਂ ਕਿਹਾ ਕਿ ਜੇ ਭਾਜਪਾ ਸਰਕਾਰਾਂ ਨੇ ਜਬਰ ਨੂੰ ਫੌਰੀ ਬੰਦ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ 18 ਫਰਵਰੀ ਨੂੰ ਲੁਧਿਆਣਾ ਮੀਟਿੰਗ ਵਿੱਚ ਭਾਜਪਾ ਵਿਰੁੱਧ ਸਖ਼ਤ ਐਕਸ਼ਨ ਲੈਣ ਤੋਂ ਪਿੱਛੇ ਨਹੀਂ ਹਟੇਗਾ।