ਚੰਡੀਗੜ੍ਹ­: ਕਿਸਾਨ ਜਥੇਬੰਦੀਆਂ ਨੇ ਹਰ ਹੀਲੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਕੋਰੋਨਾਵਾਇਰਸ ਤੋਂ ਡਰ ਕੇ ਦਿੱਲੀ ਜਾਣ ਦਾ ਫੈਸਲਾ ਨਹੀਂ ਟਾਲਣਗੇ। ਇਸ ਬਾਰੇ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏਆਈਕੇਐਸਸੀ) ਨੇ ਸਪੱਸ਼ਟ ਕੀਤਾ ਹੈ ਕਿ 26 ਤੇ 27 ਨਵੰਬਰ ਦਾ ਦਿੱਲੀ ਕੂਚ ਅਟੱਲ ਹੈ।

ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਦਾਅਵਾ ਕੀਤਾ ਹੈ ਕਿ ਕੌਮੀ ਪੱਧਰ ਦੇ ਦੋ ਕਿਸਾਨ ਆਗੂਆਂ ਦੇ ਕੋਰੋਨਾ ਪੀੜਤ ਹੋਣ ਕਾਰਨ ਕੁਝ ਗਲਤ ਸੰਦੇਸ਼ ਚਲਾ ਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੀਆਂ 500 ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਆਈ।

ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਗਲਤ ਸੂਚਨਾਂ ਜਾਂ ਅਫਵਾਹ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਤੇ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦਾ ਸਮੂਹਕ ਸੰਕਲਪ ਕੇਂਦਰ ਸਰਕਾਰ ਲਈ ਸਿਰਦਰਦੀ ਦਾ ਕਾਰਨ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਧੀਨ ਕੰਮ ਕਰਨ ਵਾਲੀਆਂ ਏਜੰਸੀਆਂ ਖਾਸ ਕਰ ਦਿੱਲੀ ਪੁਲਿਸ ਅੰਦੋਲਨ ਨੂੰ ਅਸਫ਼ਲ ਬਣਾਉਣ ਲਈ ਸਿਰਤੋੜ ਯਤਨ ਕਰਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਿਸੇ ਗਲਤ ਜਾਣਕਾਰੀ ਤੇ ਗੁਮਰਾਹਕੁੰਨ ਜਾਂ ਭੁਲੇਖਾ ਪਾਊ ਸਾਜ਼ਿਸ਼ ਦਾ ਉਹ ਸ਼ਿਕਾਰ ਨਾ ਹੋਣ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904