Farmers Protest: ਦਿੱਲੀ ਚੱਲੋ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਰੇਲਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ।

Continues below advertisement


ਜਥੇਬੰਦੀ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ  ਦੱਸਿਆ ਕਿ ਅੱਜ ਲੁਧਿਆਣਾ ਵਿਖੇ ਬਾਅਦ ਦੁਪਹਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਰੇਲਾਂ ਰੋਕਣ ਦਾ ਮਾਮਲਾ ਉਠਾਇਆ ਜਾਵੇਗਾ।


ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਵੱਖਰੇ ਤੌਰ ’ਤੇ ਦੱਸਿਆ ਕਿ ਯੂਨੀਅਨ ਵਲੋਂ ਭਲਕੇ ਮਾਨਸਾ ਦੇ ਰੇਲਵੇ ਸਟੇਸ਼ਨ ਉਤੇ ਚਾਰ ਘੰਟਿਆਂ ਲਈ ਰੇਲਾਂ ਰੋਕੀਆਂ ਜਾਣਗੀਆਂ।


ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ ‘ਦਿੱਲੀ ਚੱਲੋ’ ਦੇ ਦਿੱਤੇ ਗਏ ਸੱਦੇ ਤਹਿਤ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਦਾ ਕਾਫਲਾ ਸ਼ੰਭੂ ਬਾਰਡਰ ਉਪਰ ਡਟਿਆ ਹੋਇਆ ਹੈ ਪਰ ਹਰਿਆਣਾ ਪੁਲਿਸ ਉਨ੍ਹਾਂ ਉਪਰ ਸਖਤੀ ਵਰਤ ਰਹੀ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ’ਤੇ ਡ੍ਰੋਨਾਂਨ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਇਸ ਦੇ ਨਾਲ ਹੀ ਰਬੜ ਦੀਆਂ ਗੋਲੀਆਂ ਦੀ ਬੁਛਾੜ ਕੀਤੀ ਜਾ ਰਹੀ ਹੈ। ਇਸ ਕਾਰਨ 100 ਦੇ ਕਰੀਬ ਕਿਸਾਨ ਤੇ ਹੋਰ ਜ਼ਖ਼ਮੀ ਹੋ ਗਏ ਹਨ।


ਉਧਰ, ਸ਼ੰਭੂ ਬਾਰਡਰ 'ਤੇ ਪੰਜਾਬ ਦੀ ਹੱਦ ਅੰਦਰ ਕਿਸਾਨਾਂ ਉਪਰ ਡ੍ਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟਣ ਤੋਂ ਪੰਜਾਬ ਸਰਕਾਰ ਖਫਾ ਹੈ। ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਦੀ ਸਰਹੱਦ ਵਿੱਚ ਡ੍ਰੋਨਾਂ ਦੇ ਦਾਖ਼ਲੇ 'ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਅੰਬਾਲਾ ਦੇ ਡੀਸੀ ਤੇ ਐਸਪੀ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ’ਤੇ ਪੰਜਾਬੀ ਸਰਹੱਦ ਵਿੱਚ ਡ੍ਰੋਨ ਨਾ ਉਡਾਏ ਜਾਣ।


ਇਹ ਵੀ ਪੜ੍ਹੋ: Farmers Protest: ਹਰਿਆਣਾ ਪੁਲਿਸ ਪੰਜਾਬ ਅੰਦਰ ਦਾਗ ਰਹੀ ਗੋਲੇ, ਆਪਣੀਆਂ ਹੱਦਾਂ ਦੀ ਰਾਖੀ ਕਰੋ...ਸਿੱਧੂ ਨੇ ਸੀਐਮ ਮਾਨ ਨੂੰ ਵੰਗਾਰਿਆ


ਨਿਊਜ਼ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ ਡੀਸੀ ਸ਼ੌਕਤ ਅਹਿਮਦ ਪਰੇ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਤਰਾਜ਼ ਤੋਂ ਬਾਅਦ ਹਰਿਆਣਾ ਪੁਲਿਸ ਨੇ ਪੰਜਾਬ ਸਰਹੱਦ 'ਤੇ ਡ੍ਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਦਾਗਣੇ ਬੰਦ ਕਰ ਦਿੱਤੇ ਹਨ।


ਇਹ ਵੀ ਪੜ੍ਹੋ: Farmers Protest: ਪੰਜਾਬ ਦੀ ਹਰਿਆਣਾ ਨੂੰ ਚੇਤਾਵਨੀ, ਸਾਡੀ ਹੱਦ ਅੰਦਰ ਡ੍ਰੋਨ ਭੇਜ ਕੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਬੰਦ ਕਰੋ