Punjab News: ਦੋਹਰੇ ਸੰਵਿਧਾਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅਦਾਲਤ ਨੇ ਝਟਕਾ ਦਿੱਤਾ ਹੈ। ਅਕਾਲੀ ਦਲ ਨੇ ਪਟੀਸ਼ਨ ਦਾਇਰ ਕਰਕੇ ਇਹ ਮਾਮਲਾ ਹੁਸ਼ਿਆਰਪੁਰ ਤੋਂ ਦਿੱਲੀ ਤਬਦੀਲ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਇਹ ਮੰਗ ਠੁਕਰਾ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਇਸ ਕੇਸ ਦਾ ਨਿਬੇੜਾ ਜਲਦ ਹੋਣ ਦੀ ਉਮੀਦ ਹੈ।
ਦੱਸ ਦਈਏ ਕਿ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਕਥਿਤ ਦੋਹਰਾ ਸੰਵਿਧਾਨ ਰੱਖ ਕੇ ਧੋਖਾਧੜੀ ਕਰਨ ਸਬੰਧੀ ਕੇਸ ਦਾ ਟਰਾਇਲ ਸ਼ੁਰੂ ਹੋ ਚੁੱਕਿਆ ਹੈ। ਪਾਰਟੀ ਦੇ ਸੀਨੀਅਰ ਆਗੂ ਪੇਸ਼ੀਆਂ ਵੀ ਭੁਗਤ ਰਹੇ ਹਨ ਪਰ ਇਸੇ ਦੌਰਾਨ ਪਾਰਟੀ ਵੱਲੋਂ ਅਦਾਲਤ ਵਿੱਚ ਇਹ ਅਰਜ਼ੀ ਦਿੱਤੀ ਗਈ ਕਿ ਕਿਉਂਕਿ ਪਾਰਟੀ ਦਾ ਮੁੱਖ ਦਫ਼ਤਰ ਦਿੱਲੀ ਹੈ, ਇਸ ਨਾਲ ਸਬੰਧਤ ਕੇਸ ਦੀ ਸੁਣਵਾਈ ਹੁਸ਼ਿਆਰਪੁਰ ’ਚ ਨਹੀਂ ਹੋ ਸਕਦੀ।
ਬੀਤੇ ਦਿਨ ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਰੁਪਿੰਦਰ ਸਿੰਘ ਦੀ ਅਦਾਲਤ ਨੇ ਪਟੀਸ਼ਨਰ ਬਲਵੰਤ ਸਿੰਘ ਖੇੜਾ ਦੇ ਵਕੀਲਾਂ ਬੀਐਸ ਰਿਆੜ ਤੇ ਹਿਤੇਸ਼ ਪੁਰੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਹ ਅਰਜ਼ੀ ਖਾਰਜ ਕਰ ਦਿੱਤੀ ਜਿਸ ਨਾਲ ਟਰਾਇਲ ਅੱਗੇ ਵਧਣ ਦਾ ਰਸਤਾ ਪੱਧਰਾ ਹੋ ਗਿਆ ਹੈ।
ਸਮਾਜਿਕ ਕਾਰਕੁਨ ਬਲਵੰਤ ਸਿੰਘ ਖੇੜਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਪਾਈ ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਹੈ ਕਿ ਇਸ ਪਾਰਟੀ ਨੇ ਸਿਆਸੀ ਪਾਰਟੀ ਵਜੋਂ ਮਾਨਤਾ ਲੈਣ ਲਈ ਭਾਰਤੀ ਚੋਣ ਕਮਿਸ਼ਨ ਸਾਹਮਣੇ ਜਾਅਲੀ ਸੰਵਿਧਾਨ ਪੇਸ਼ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਮਗਰੋਂ ਹੁਣ ਸੁਖਬੀਰ ਸਿੰਘ ਬਾਦਲ ਨੇ ਵੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਿੱਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ