Punjab News: ਪੰਜਾਬ ਵਿੱਚ ਨੇਤਰਹੀਣਾਂ ਦੇ ਅਟੈਂਡੈਂਟ ਹੁਣ ਮੁਫ਼ਤ ਬੱਸ ਸਫ਼ਰ ਦਾ ਲਾਭ (Free Bus Travel) ਲੈ ਸਕਣਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਅਪਾਹਜਾਂ ਦੀ ਮਦਦ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।




ਦੱਸ ਦਈਏ ਕਿ ਇਹ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਵੀਰਵਾਰ ਨੂੰ ਹੋਈ ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ, ਸ਼ੇਨਾ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨ੍ਹਾ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਤੇ ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਵੀ ਹਾਜ਼ਰ ਸਨ।


ਸਰਕਾਰ ਨੇ ਵਿਦਿਆਰਥੀਆਂ ਦੇ ਹਿੱਤ ਵਿੱਚ ਲਿਆ ਵੱਡਾ ਫੈਸਲਾ



ਇਸ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੇ ਵਿਦਿਆਰਥੀਆਂ ਦੇ ਹਿੱਤ ਵਿੱਚ ਵੀ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਕਿ ਸਰਕਾਰ ਮੈਡੀਕਲ, ਇੰਜਨੀਅਰਿੰਗ, ਲਾਅ ਤੇ ਦਾਖ਼ਲਾ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਵੇਗੀ। ਸਰਕਾਰ ਨੇ ਇਹ ਫੈਸਲਾ ਲੋਕ ਸਭਾ ਚੋਣਾਂ ਦਾ ਚੋਣ ਜ਼ਾਬਤਾ ਖਤਮ ਹੋਣ ਤੋਂ ਤੁਰੰਤ ਬਾਅਦ ਲਿਆ ਹੈ। ਫੈਸਲੇ ਅਨੁਸਾਰ, JEE/NEET ਤੇ CLAT ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫਤ ਰਿਹਾਇਸ਼ੀ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ ਜਿਸ ਵਿੱਚ 23 ਜ਼ਿਲ੍ਹਿਆਂ ਦੇ 800 ਬੱਚੇ ਹਿੱਸਾ ਲੈ ਸਕਦੇ ਹਨ।


ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੀ ਅਨਿਯਮਿਤ ਅਧਿਆਪਕਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਸੂਬੇ ਦੇ 14,239 ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵਿੱਚ ਨਵੀਂ ਭਰਤੀ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ। ਇਸ ਤਹਿਤ ਸੂਬੇ ਵਿੱਚ 1,880 ਡਾਕਟਰਾਂ ਤੇ ਨਰਸਾਂ ਦੀ ਭਰਤੀ ਕੀਤੀ ਜਾਵੇਗੀ, ਇਹ ਵੱਡਾ ਫੈਸਲਾ ਸਰਕਾਰ ਵੱਲੋਂ ਬੀਤੇ ਸ਼ਨੀਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।