Shambhu Border: ਪੰਜਾਬ ਤੇ ਹਰਿਆਣਾ ਦਾ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ। ਕਿਸਾਨ ਅੰਦੋਲਨ ਕਾਰਨ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਨੂੰ 5 ਮਹੀਨਿਆਂ ਤੋਂ ਬੈਰੀਕੇਡ ਲਾ ਕੇ ਬੰਦ ਕੀਤਾ ਹੋਇਆ ਹੈ। ਇਸ ਲਈ ਦਿੱਲੀ ਜਾਣ ਲਈ ਪੰਜਾਬ ਤੋਂ ਚੱਲੇ ਕਿਸਾਨ 13 ਫਰਵਰੀ ਤੋਂ ਇੱਥੇ ਡੇਰੇ ਲਾ ਕੇ ਬੈਠੇ ਹੋਏ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 10 ਜੁਲਾਈ ਨੂੰ ਸ਼ੰਭੂ ਬਾਰਡਰ ਇੱਕ ਹਫ਼ਤੇ ਦੇ ਅੰਦਰ ਖੋਲ੍ਹਣ ਦਾ ਹੁਕਮ ਦਿੱਤਾ ਸੀ। ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।  



ਅੱਜ ਸੁਪਰੀਮ ਕੋਰਟ ਵਿੱਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉਜਲ ਭੂਈਆਂ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਬੁੱਧਵਾਰ (24 ਜੁਲਾਈ) ਨੂੰ ਕਿਹਾ, 'ਸ਼ੰਭੂ ਸਰਹੱਦ 'ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ।' ਸੁਪਰੀਮ ਕੋਰਟ ਨੇ ਕਿਹਾ ਕਿ ਸੁਤੰਤਰ ਕਮੇਟੀ ਦੇ ਗਠਨ ਦਾ ਪ੍ਰਸਤਾਵ ਦਿੰਦੇ ਹਨ। 


ਸੁਪਰੀਮ ਕੋਰਟ ਨੇ ਕਿਹਾ ਕਿ ਇਸ ਕਮੇਟੀ ਵਿੱਚ ਉੱਘੀਆਂ ਸ਼ਖ਼ਸੀਅਤਾਂ ਸ਼ਾਮਲ ਕੀਤੀਆਂ ਜਾਣ। ਇਹ ਕਿਸਾਨਾਂ ਤੇ ਸਰਕਾਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਸਾਰਥਿਕ ਹੱਲ ਲੱਭੇ ਜੋ ਸਾਰਿਆਂ ਨੂੰ ਪ੍ਰਵਾਨ ਹੋਵੇ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਸੁੰਤਤਰ ਕਮੇਟੀ ਲਈ ਮੈਂਬਰਾਂ ਦੇ ਨਾਮ ਸੁਝਾਉਣ ਲਈ ਕਿਹਾ ਹੈ।



ਦਰਅਸਲ 10 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਇੱਕ ਹਫ਼ਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਹਾਈ ਕੋਰਟ ਨੇ ਇਹ ਹੁਕਮ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤੇ ਸੀ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।