ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।
ਪਟਿਆਲਾ: ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਕੋਹਲੀ ਪਰਿਵਾਰ ਦਾ ਪਟਿਆਲਾ ਵਿੱਚ ਚੰਗਾ ਆਧਾਰ ਹੈ।
ਸੁਰਜੀਤ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੇ ਨਾ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ ਸਿਧਾਂਤਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ। ਪਾਰਟੀ ਵੱਲੋਂ ਟਕਸਾਲੀ ਨੇਤਾਵਾਂ ਤੇ ਵਰਕਰਾਂ ਨੂੰ ਅੱਖੋਂ ਪ੍ਰੋਖੇ ਕਰ ਦਿੱਤਾ ਹੈ। ਇਸ ਕਾਰਨ ਉਹ ਅਸਤੀਫ਼ਾ ਦੇ ਰਹੇ ਹਨ।
ਇਸ ਦੌਰਾਨ ਕੋਹਲੀ ਦੇ ਵੱਡੇ ਪੁੱਤਰ ਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਐਲਾਨ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਆਪ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਕੀਤਾ। ਸਾਬਕਾ ਮੰਤਰੀ ਦਾ ਦੂਜਾ ਪੁੱਤਰ ਗੁਰਜੀਤ ਸਿੰਘ ਕੋਹਲੀ ਪਹਿਲਾਂ ਹੀ ਭਾਜਪਾ ਵਿੱਚ ਸਰਗਰਮ ਹੈ।
ਸੂਬਾ ਸਕੱਤਰ ਜਸਪਾਲ ਸਰਪੰਚ ਅਕਾਲੀ ਦਲ 'ਚ ਸ਼ਾਮਲ
ਉਧਰ ਅੱਜ ਹਲਕਾ ਡੇਰਾਬੱਸੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸੂਬਾ ਸਕੱਤਰ ਜਸਪਾਲ ਸਰਪੰਚ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਸ਼ਾਮਲ ਹੋ ਗਏ ਹਨ। ਜਸਪਾਲ ਸਰਪੰਚ ਦਾ ਹਲਕਾ ਡੇਰਾਬੱਸੀ ਵਿੱਚ ਚੰਗਾ ਆਧਾਰ ਹੈ।
ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ੀਰਕਪੁਰ ਪਹੁੰਚ ਕੇ ਜਸਪਾਲ ਸਰਪੰਚ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਸੁਖਬੀਰ ਬਾਦਲ ਨੇ ਜਸਪਾਲ ਸਰਪੰਚ ਨੂੰ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ। ਜਸਪਾਲ ਸਿੰਘ ਨੇ ਕਿਹਾ ਕਿ ਪਾਰਟੀ ਦੇ ਡੇਰਾਬੱਸੀ ਤੋਂ ਹਲਕਾ ਇੰਚਾਰਜ ਵੱਲੋਂ ਫੈਲਾਏ ਕਥਿਤ ਭ੍ਰਿਸ਼ਟਾਚਾਰ ਤੇ ਟਕਸਾਲੀ ਕਾਂਗਰਸੀ ਪਰਿਵਾਰਾਂ ਦੀ ਕੀਤੀ ਅਣਦੇਖੀ ਕਾਰਨ ਉਨ੍ਹਾਂ ਪਾਰਟੀ ਬਦਲੀ ਹੈ।