ਅੰਮ੍ਰਿਤਸਰ: ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ।ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ 'ਚ ਰੋਡ ਸ਼ੋਅ ਵੀ ਕੀਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ 'ਚ ਧੰਨਵਾਦ ਰੋਡ ਸ਼ੋਅ ਕੱਢਿਆ ਗਿਆ। ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਰਚ ਦੀ ਅਗਵਾਈ ਕੀਤੀ।
 
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਕਰ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਪੰਜਾਬ ਦੇ ਲੋਕਾਂ ਨੇ ਇੱਕ ਇਮਾਨਦਾਰ ਮੁੱਖ ਮੰਤਰੀ ਚੁਣਿਆ ਹੈ। ਭਗਵੰਤ ਮਾਨ ਮੇਰਾ ਛੋਟਾ ਭਾਈ ਹੈ। ਕੇਜਰੀਵਾਲ ਨੇ ਕਿਹਾ ਕਿ ਇਹ ਸੁਣਿਆ ਸੀ ਕਿ ਪੰਜਾਬ ਦੇ ਲੋਕ ਇੰਨਕਲਾਬ ਲੈ ਕੇ ਆਉਣਗੇ ਪਰ ਇਹ ਨਹੀਂ ਸੋਚਿਆ ਸੀ ਕਿ ਇਨ੍ਹਾਂ ਵੱਡਾ ਇੰਨਕਲਾਬ ਆਵੇਗਾ।
 
ਕੇਜਰੀਵਾਲ ਨੇ ਕਿਹਾ ਜੇਕਰ ਸਾਡਾ ਵਿਧਾਇਕ ਜਾਂ ਮੰਤਰੀ ਵੀ ਬੇਈਮਾਨੀ ਕਰੇਗਾ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ , ਜੇਲ੍ਹ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਨੂੰ ਲੁੱਟ ਰਹੇ ਸੀ , ਇਹ ਲੁੱਟ ਬੰਦ ਹੋਵੇਗੀ। ਹੁਣ ਸਰਕਾਰੀ ਪੈਸਾ ਗਰੀਬਾਂ ਤੇ ਪੰਜਾਬ ਦੇ ਉੱਪਰ ਖ਼ਰਚ ਹੋਵੇਗਾ। ਉਨ੍ਹਾਂ ਕਿਹਾ ਕਿ ਥੋੜੀਆਂ -ਥੋੜੀਆਂ ਕਰਕੇ ਸਾਰੀਆਂ ਗਰੰਟੀਆਂ ਪੂਰੀਆਂ ਕਰਾਂਗੇ। ਕੇਜਰੀਵਾਲ ਨੇ ਕਿਹਾ 16 ਮਾਰਚ ਨੂੰ ਇਕੱਲਾ ਭਗਵੰਤ ਮਾਨ ਹੀ ਨਹੀਂ ਸਹੁੰ ਚੁੱਕੇਗਾ , ਬਲਕਿ ਪੰਜਾਬ ਦੇ ਲੋਕ ਵੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
 
ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਹੋਵੇਗੀ, ਸਗੋਂ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰਾਂਗੇ। ਲੋਕਾਂ ਨੇ ਆਪਣੇ ਆਪ ਨੂੰ ਵੋਟ ਪਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।