ਚੰਡੀਗੜ੍ਹ: ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਇੱਕ ਮਹੀਨੇ (5 ਜੁਲਾਈ ਤੋਂ ਹੁਣ ਤੱਕ) ਪੰਜਾਬ ਪੁਲੀਸ ਨੇ 260 ਵੱਡੀਆਂ ਮੱਛੀਆਂ ਸਮੇਤ 2205 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਇਸ ਸਮੇਂ ਦੌਰਾਨ ਕੁੱਲ 1730 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 145 ਕਾਰੋਬਾਰੀ ਮਾਮਲਿਆਂ ਨਾਲ ਸਬੰਧਤ ਹਨ।


ਸੋਮਵਾਰ ਨੂੰ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਵਿੱਚ ਆਈਜੀਪੀ (ਐਚਕਿਊ) ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਨੇ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 48.95 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਪਿਛਲੇ ਮਹੀਨੇ ਐਨਡੀਪੀਐਸ ਕੇਸਾਂ ਵਿੱਚ 99 ਭਗੌੜੇ ਅਤੇ ਲੋੜੀਂਦੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।


ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਮਹੀਨਾਵਾਰ ਅਪਡੇਟ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ 30 ਕਿਲੋ ਹੈਰੋਇਨ, 75 ਕਿਲੋ ਅਫੀਮ, 69 ਕਿਲੋ ਗਾਂਜਾ ਅਤੇ 185 ਕੁਇੰਟਲ ਭੁੱਕੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਰਾਜ ਭਰ ਵਿੱਚ ਫਾਰਮਾ ਓਪੀਔਡਜ਼ ਦੀਆਂ 12.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ ਹਨ।


ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸੰਵੇਦਨਸ਼ੀਲ ਸੜਕਾਂ 'ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪਿਛਲੇ ਹਫ਼ਤੇ ਪੁਲੀਸ ਨੇ 329 ਐਫਆਈਆਰ ਦਰਜ ਕਰਕੇ 453 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 8.4 ਕਿਲੋ ਹੈਰੋਇਨ, 10 ਕਿਲੋ ਅਫੀਮ, 2 ਕਿਲੋ ਗਾਂਜਾ ਅਤੇ 21 ਕੁਇੰਟਲ ਭੁੱਕੀ ਬਰਾਮਦ ਕੀਤੀ ਸੀ। ਇਸ ਤੋਂ ਇਲਾਵਾ 10.46 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ