ਚੰਡੀਗੜ੍ਹ: ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਇਮਾਨਦਾਰ ਮੰਨੇ ਜਾਣ ਵਾਲੇ ਸਿੱਖਿਆ ਮੰਤਰੀ ਪਰਗਟ ਸਿੰਘ ਉੱਪਰ ਵੀ ਵੱਡੇ ਸਵਾਲ ਉੱਠੇ ਹਨ। ਉਨ੍ਹਾਂ ਉੱਪਰ ਬਦਲੀ ਨੀਤੀ ਦੀਆਂ ਧੱਜੀਆਂ ਉਡਾ ਕੇ ਆਪਣੇ ਚਹੇਤਿਆਂ ਦੀਆਂ ਬਦਲੀਆਂ ਕਰਨ ਦੇ ਇਲਜ਼ਾਮ ਲੱਗੇ ਹਨ। ਇਹ ਇਲਜ਼ਾਮ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਵੱਲੋਂ ਲਾਏ ਗਏ ਹਨ।
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਪਾਰਦਰਸ਼ੀ ਢੰਗ ਨਾਲ ਸਰਕਾਰ ਚਲਾਉਣ ’ਤੇ ਸਵਾਲ ਖੜ੍ਹਾ ਕੀਤਾ ਹੈ। ਅਧਿਆਪਕ ਲੀਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਆਪਣੇ ਚਹੇਤੇ ਕਾਂਗਰਸੀ ਆਗੂਆਂ ਨੂੰ ਖੁਸ਼ ਕਰਨ ਲਈ ਆਪਣੀ ਹੀ ਬਦਲੀ ਨੀਤੀ ਦੀਆਂ ਪੂਰੀ ਤਰ੍ਹਾਂ ਧੱਜੀਆਂ ਉਡਾਈਆਂ ਹਨ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਸੈਂਕੜੇ ਬਦਲੀਆਂ ਬਿਨਾਂ ਕੋਈ ਜਨਤਕ ਅਰਜ਼ੀ ਦੀ ਮੰਗ ਕੀਤਿਆਂ ਜਾਂ ਕੋਈ ਹੋਰ ਪਾਰਦਰਸ਼ੀ ਢੰਗ ਅਪਨਾਉਣ ਤੋਂ ਬਗੈਰ ਹੀ ਕਰ ਦਿੱਤੀਆਂ ਹਨ। ਦੂਜੇ ਪਾਸੇ ਸਰਕਾਰ ਦੀ ਨੀਤੀ ਤੇ ਸ਼ਰਤਾਂ ਤਹਿਤ ਬਦਲੀ ਕਰਵਾ ਚੁੱਕੇ ਅਧਿਆਪਕਾਂ ਦੀਆਂ ਹੋਈਆਂ ਬਦਲੀਆਂ ਨੂੰ ਲਾਗੂ ਨਹੀਂ ਕੀਤਾ ਗਿਆ।
ਟੀਚਰਜ਼ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਦਲੀਆਂ ਦਾ ਸਿਆਸੀਕਰਨ ਕਰ ਦਿੱਤਾ ਹੈ ਜਿਸ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਗੈਰ-ਪਾਰਦਰਸ਼ੀ ਤੇ ਗੈਰ-ਵਾਜਬ ਢੰਗ ਨਾਲ ਪਿਛਲੇ ਦਿਨੀਂ ਅਧਿਆਪਕਾਂ ਦੀਆਂ 500 ਤੋਂ ਵਧੇਰੇ ਬਦਲੀਆਂ ਕੀਤੀਆਂ ਗਈਆਂ ਹਨ।
ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਪਿਛਲੇ ਸਾਲ ਬਦਲੀ ਨੀਤੀ ਤਹਿਤ ਹੋਈਆਂ ਬਦਲੀਆਂ ਨੂੰ 50 ਪ੍ਰਤੀਸ਼ਤ ਸਟਾਫ਼, ਕਰਮਚਾਰੀ ਦੇ ਪਰਖਕਾਲ ਅਧੀਨ ਹੋਣ, ਸਿੰਗਲ ਟੀਚਰ, ਅਧਿਆਪਕ ਦਾ ਬਦਲ ਨਾ ਹੋਣ ਵਰਗੀਆਂ ਸ਼ਰਤਾਂ ਦਾ ਬਹਾਨਾ ਬਣਾ ਕੇ ਲਾਗੂ ਕਰਵਾਉਣ ਤੋਂ ਕੰਨੀਂ ਕਤਰਾਉਂਦਾ ਰਿਹਾ ਹੈ। ਇਸੇ ਤਰ੍ਹਾਂ ਪ੍ਰਾਇਮਰੀ ਦੀਆਂ ਅੰਤਰ ਜ਼ਿਲ੍ਹਾ ਬਦਲੀਆਂ ਨੂੰ ਲਾਗੂ ਕਰਨ ਦੀ ਥਾਂ ਅਧਿਆਪਕਾਂ ਨੂੰ ਬਦਲੀ ਵਾਲੇ ਸਟੇਸ਼ਨ ’ਤੇ ਹਾਜ਼ਰ ਹੋਣ ਉਪਰੰਤ ਡੈਪੂਟੇਸ਼ਨ ’ਤੇ ਪੁਰਾਣੇ ਸਕੂਲਾਂ ਵਿੱਚ ਹੀ ਰੱਖਿਆ ਹੋਇਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904