Punjab News: ਸ਼੍ਰੋਮਣੀ ਅਕਾਲੀ ਦਲ 'ਚ ਵੱਡਾ ਧਮਾਕਾ ਹੋਣ ਦੇ ਆਸਾਰ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਵੱਡੀ ਚੁਣੌਤੀ ਖੜ੍ਹੀ ਹੋ ਸਕਦੀ ਹੈ। ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਹੁਣ ਆਪਣਾ ਨਵਾਂ ਮੁਖੀ ਚੁਣਨ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧ ਵਿੱਚ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਇੱਕ ਪੱਤਰ ਭੇਜ ਕੇ 11 ਅਗਸਤ ਨੂੰ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਮੀਟਿੰਗ ਕਰਨ ਦੀ ਇਜਾਜ਼ਤ ਮੰਗੀ ਹੈ।

ਹਾਲਾਂਕਿ, ਕਿਸੇ ਵੀ ਸੰਭਾਵੀ ਟਕਰਾਅ ਤੋਂ ਬਚਣ ਲਈ ਐਸਜੀਪੀਸੀ ਨੇ ਇਜਾਜ਼ਤ ਨਾਲ ਸਬੰਧਤ ਇਹ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤਾ ਹੈ। ਇਸ ਕਦਮ ਨੂੰ ਅਕਾਲੀ ਦਲ ਤੇ ਭਰਤੀ ਕਮੇਟੀ ਵਿਚਕਾਰ ਵਿਵਾਦ ਤੋਂ ਬਚਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ ਪਰ ਭਰਤੀ ਕਮੇਟੀ ਦੀ ਇਹ ਪਹਿਲ ਅਕਾਲੀ ਦਲ ਅੰਦਰ ਇੱਕ ਨਵਾਂ ਵਿਵਾਦ ਪੈਦਾ ਕਰ ਸਕਦੀ ਹੈ। ਜੇਕਰ ਇਹ ਵਿਵਾਦ ਹੱਲ ਨਹੀਂ ਹੁੰਦਾ ਤਾਂ ਇਹ ਤਰਨ ਤਾਰਨ ਵਿੱਚ ਹੋਣ ਵਾਲੀ ਉਪ ਚੋਣ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ, ਕਿਉਂਕਿ ਐਸਜੀਪੀਸੀ ਦੇ ਬਹੁਤ ਸਾਰੇ ਮੈਂਬਰ ਇਸ ਸਮੇਂ ਭਰਤੀ ਕਮੇਟੀ ਦੇ ਹੱਕ ਵਿੱਚ ਦਿਖਾਈ ਦੇ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਪੱਤਰ ਵਿੱਚ ਅਕਾਲੀ ਦਲ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ, ਇਕਬਾਲ ਸਿੰਘ ਝੂੰਦਾਂ ਤੇ ਬੀਬੀ ਸਤਵੰਤ ਕੌਰ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਭਰਤੀ ਪ੍ਰਕਿਰਿਆ ਪੂਰੀ ਹੋ ਗਈ ਹੈ। ਨਵੇਂ ਮੁਖੀ ਦੀ ਚੋਣ ਲਈ 11 ਅਗਸਤ ਨੂੰ ਇੱਕ ਆਮ ਮੀਟਿੰਗ ਬੁਲਾਈ ਜਾ ਰਹੀ ਹੈ। ਕਮੇਟੀ ਚਾਹੁੰਦੀ ਹੈ ਕਿ ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਬੁਲਾਈ ਜਾਵੇ। ਸ਼੍ਰੋਮਣੀ ਕਮੇਟੀ ਦੇ ਸੂਤਰਾਂ ਨੇ ਦੱਸਿਆ ਕਿ ਭਰਤੀ ਕਮੇਟੀ ਵੱਲੋਂ ਇੱਕ ਪੱਤਰ ਭੇਜਿਆ ਗਿਆ ਹੈ। ਇਸ ਨੂੰ ਵਿਚਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਆਵੇਗਾ, ਉਸ ਨੂੰ ਲਾਗੂ ਕੀਤਾ ਜਾਵੇਗਾ।

ਦੱਸ ਦਈਏ ਕਿ 2 ਦਸੰਬਰ ਨੂੰ ਜਾਰੀ ਇੱਕ ਵੱਡੇ ਹੁਕਮ ਵਿੱਚ ਤਖ਼ਤਾਂ ਦੇ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਲਈ 7 ਮੈਂਬਰੀ ਭਰਤੀ ਕਮੇਟੀ (ਹੁਣ ਪੰਜ ਮੈਂਬਰੀ) ਬਣਾਈ ਸੀ। ਸ਼੍ਰੋਮਣੀ ਕਮੇਟੀ ਮੁਖੀ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਮੁਖੀ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ੇ ਤੋਂ ਬਾਅਦ ਉਕਤ ਕਮੇਟੀ ਦੇ ਸਿਰਫ਼ ਪੰਜ ਮੈਂਬਰ ਹੀ ਇਸ ਵਿੱਚ ਰਹਿ ਗਏ। ਇਸ ਮਗਰੋਂ ਮਾਰਚ ਦੇ ਮਹੀਨੇ ਵਿੱਚ ਇਸ ਕਮੇਟੀ ਨੇ ਭਰਤੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੇ ਪਹਿਲੇ ਮੈਂਬਰ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਨ। ਹੁਣ ਭਰਤੀ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਮੁਖੀ ਸੁਖਬੀਰ ਬਾਦਲ ਦੇ ਸਮਾਨਾਂਤਰ ਮੁਖੀ ਦੀ ਚੋਣ ਲਈ 11 ਅਗਸਤ ਨੂੰ ਮੀਟਿੰਗ ਬੁਲਾਈ ਹੈ।