Farmers Protest: ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁਲ! ਐਕਸ਼ਨ ਮੋਡ 'ਤੇ ਪੁਲਿਸ ਤੇ ਕਿਸਾਨ
ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੱਲੇਵਾਲ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਲਈ ਕਿਸਾਨ ਆਗੂਆਂ ਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ 31 ਦਸੰਬਰ ਤੋਂ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ ਹੈ।
Farmers Protest: ਖਨੌਰੀ ਬਾਰਡਰ ’ਤੇ ਵੱਡੀ ਹਿੱਲਜੁਲ ਹੋਣ ਲੱਗੀ ਹੈ। ਕਿਸਾਨ ਐਕਸ਼ਨ ਮੋਡ ਵਿੱਚ ਹਨ। ਕਿਸਾਨਾਂ ਨੂੰ ਖਦਸ਼ਾ ਹੈ ਕਿ ਕਿਸੇ ਵੇਲੇ ਵੀ ਪੁਲਿਸ ਵੱਲੋਂ ਮਰਨ ਵਰਤ ’ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਚੁੱਕਿਆ ਜਾ ਸਕਦਾ ਹੈ। ਉਧਰ, ਪੁਲਿਸ ਨੇ ਵੀ ਤਿਆਰੀ ਖਿੱਚੀ ਹੋਈ ਹੈ। ਖਨੌਰੀ ਨੇੜੇ ਪਾਤੜਾਂ ਸ਼ਹਿਰ ਵਿੱਚ ਵੱਡੀ ਗਿਣਤੀ ਵਾਟਰ ਕੈਨਨ ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਵਾਲੀਆਂ ਗੱਡੀਆਂ ਤਿਆਰ-ਬਰ-ਤਿਆਰ ਖੜ੍ਹੀਆਂ ਹਨ।
ਦੱਸ ਦਈਏ ਕਿ ਖਨੌਰੀ ਬਾਰਡਰ ’ਤੇ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਤਹਿਤ ਇਲਾਜ ਲਈ ਚੁੱਕਣ ਵਾਸਤੇ ਪੁਲਿਸ ਵੱਲੋਂ ਕਿਸੇ ਵੀ ਸਮੇਂ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਸਬੰਧ ਵਿੱਚ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੋਮਵਾਰ ਸਵੇਰੇ ਹੀ ਪਾਤੜਾਂ ਸ਼ਹਿਰ ਵਿੱਚ ਵਾਟਰ ਕੈਨਨ ਦੀਆਂ ਗੱਡੀਆਂ, ਅੱਥਰੂ ਗੈਸ ਦੇ ਗੋਲੇ ਦਾਗ਼ਣ ਵਾਲੀਆਂ ਗੱਡੀਆਂ ਸਮੇਤ ਵੱਡੀ ਗਿਣਤੀ ਪੁਲਿਸ ਫੋਰਸ ਪਹੁੰਚੀ ਹੈ।
ਉਧਰ, ਇਸ ਦੇ ਟਾਕਰੇ ਲਈ ਕਿਸਾਨਾਂ ਵੱਲੋਂ ਰਾਤ ਭਰ ਤੋਂ ਹੀ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਦੇਰ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖੁਦ ਫੇਸਬੁੱਕ ਉਤੇ ਲਾਈਵ ਹੋ ਕੇ ਕਿਸਾਨਾਂ ਨੂੰ ਖਨੌਰੀ ਬਾਰਡਰ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਹੋਰ ਕਿਸਾਨ ਲੀਡਰ ਵੀ ਐਕਟਿਵ ਨਜ਼ਰ ਆ ਰਹੇ ਹਨ। ਕਿਸਾਨ ਲੀਡਰਾਂ ਨੇ ਦੱਸਿਆ ਕਿ ਪੁਲੀਸ ਇੰਨੀ ਆਸਾਨੀ ਨਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਨਹੀਂ ਚੁੱਕ ਸਕਦੀ। ਜੇ ਪੁਲੀਸ ਤੇ ਪ੍ਰਸ਼ਾਸਨ ਡੱਲੇਵਾਲ ਨੂੰ ਜਬਰੀ ਚੁੱਕਣ ਲਈ ਕੋਈ ਜ਼ੁਲਮ-ਜਬਰ ਕੀਤਾ ਗਿਆ ਤਾਂ ਉਸ ਦਾ ਕਿਸਾਨ ਆਗੂ ਸਬਰ ਨਾਲ ਟਾਕਰਾ ਕਰਨਗੇ ਕਿਉਂਕਿ ਕਿਸਾਨ ਜਾਣਦੇ ਹਨ ਕਿ ਸਰਕਾਰ ਨਾਲ ਟਕਰਾਇਆ ਨਹੀਂ ਜਾ ਸਕਦਾ ਪਰ ਵਿਰੋਧ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੱਲੇਵਾਲ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਲਈ ਕਿਸਾਨ ਆਗੂਆਂ ਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ 31 ਦਸੰਬਰ ਤੋਂ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ ਹੈ। ਇਸ ਕੇਸ ਦੀ ਸੁਣਵਾਈ ਵੀ ਇਸੇ ਦਿਨ ਹੋਣੀ ਹੈ। ਇਸ ਲਈ ਚਰਚਾ ਹੈ ਕਿ ਪ੍ਰਸਾਸ਼ਨ ਧੱਕੇ ਨਾਲ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾ ਸਕਦਾ ਹੈ।
ਇਸ ਸਬੰਧੀ ਪੰਜਾਬ ਦੇ ਡੀਆਈਜੀ ਜਸਕਰਨ ਸਿੰਘ 3 ਵਜੇ ਖਨੌਰੀ ਸਰਹੱਦ ’ਤੇ ਪੁੱਜੇ। ਹਾਲਾਂਕਿ ਕਿਸਾਨ ਇਸ ਗੱਲ ਲਈ ਨਹੀਂ ਮੰਨੇ। ਇਸ ਤੋਂ ਬਾਅਦ ਕਿਸਾਨ ਆਗੂ ਡੀਆਈਜੀ ਸਮੇਤ ਡੱਲੇਵਾਲ ਨੂੰ ਵੀ ਮਿਲੇ। ਉਧਰ, ਮੰਨਿਆ ਜਾ ਰਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਨੂੰ ਮਨਾਉਣ ਵਿੱਚ ਕਾਮਯਾਬ ਨਾ ਹੋਈ ਤਾਂ 31 ਦਸੰਬਰ ਨੂੰ ਹੋਣ ਵਾਲੀ ਸੁਣਵਾਈ ਵਿੱਚ ਪੰਜਾਬ ਦੇ ਡੀਜੀਪੀ ਤੇ ਮੁੱਖ ਸਕੱਤਰ ਖ਼ਿਲਾਫ਼ ਮਾਣਹਾਨੀ ਦਾ ਕੇਸ ਚੱਲ ਸਕਦਾ ਹੈ।
ਦੱਸ ਦਈਏ ਕਿ ਪਿਛਲੇ 10 ਮਹੀਨਿਆਂ ਤੋਂ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੀਆਂ ਹਨ। ਇਸ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ’ਤੇ 34 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ।