ਆਮ ਆਦਮੀ ਪਾਰਟੀ ਲਈ ਵੱਡੀ ਮੁਸੀਬਤ, ਚੋਣਾਂ ਤੋਂ ਪਹਿਲਾਂ ਕੇਜਰੀਵਾਲ ਖਿਲਾਫ ਡਟੀਆਂ ਸਿੱਖ ਜਥੇਬੰਦੀਆਂ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਪ੍ਰੋਫੈ਼ਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਰੁਕਾਵਟ ਨਾ ਪਾਵੇ।
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਕੁਝ ਸਿੱਖ ਜਥੇਬੰਦੀਆਂ ਆਮ ਆਦਮੀ ਪਾਰਟੀ ਦੇ ਖਿਲਾਫ ਹੋ ਗਈਆਂ ਹਨ। ਇਸ ਦੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੀ ਆਮ ਆਦਮੀ ਪਾਰਟੀ ਦੇ ਸੁਪੀਰਮੋ ਅਰਵਿੰਦ ਕੇਜਰੀਵਾਲ ਦੇ ਵਿਰੋਧ ਦਾ ਐਲਾਨ ਕੀਤਾ ਹੈ। ਸਿੱਖ ਜਥੇਬੰਦੀਆਂ ਦਾ ਗੁੱਸਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਹਿੰਗਾ ਪੈ ਸਕਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਤੇ ਸਿੱਖ ਯੂਥ ਪਾਵਰ ਆਫ ਪੰਜਾਬ ਨੇ ਐਲਾਨ ਕੀਤਾ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਵਿਰੋਧ ਕਰਨ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਵਿਰੋਧ ਕੀਤਾ ਜਾਵੇਗਾ।
ਫੈੱਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੋਸ਼ ਲਾਇਆ ਕਿ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਸਿੱਖ ਬੰਦੀ ਪ੍ਰੋ. ਭੁੱਲਰ ਦੀ ਰਿਹਾਈ ਸਬੰਧੀ ਸਹਿਮਤੀ ਨਹੀਂ ਦਿੱਤੀ ਤੇ ਇਸ ਸਬੰਧੀ ਫਾਈਲ ’ਤੇ ਮੁੱਖ ਮੰਤਰੀ ਵੱਲੋਂ ਦਸਤਖ਼ਤ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਦਸੰਬਰ 2020 ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਇਸ ਮਾਮਲੇ ਨੂੰ ਇਤਰਾਜ਼ਯੋਗ ਦੱਸ ਕੇ ਫਾਈਲ ਨੂੰ ਰੱਦ ਕਰ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜਿਸ ਵਿੱਚ ਪ੍ਰੋ. ਭੁੱਲਰ ਦਾ ਨਾਂ ਵੀ ਸ਼ਾਮਲ ਸੀ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਇੱਕ ਪਾਸੇ ਪੰਜਾਬ ਵਿੱਚ ਵੱਡੇ ਵੱਡੇ ਐਲਾਨ ਕਰ ਰਿਹਾ ਹੈ ਤੇ ਦੂਜੇ ਪਾਸੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਦਾ ਵਿਰੋਧ ਕਰ ਰਿਹਾ ਹੈ। ਇਸ ਦੌਰਾਨ ਸਿੱਖ ਯੂਥ ਪਾਵਰ ਆਫ ਪੰਜਾਬ ਦੀ ਪੰਜ ਮੈਂਬਰੀ ਕਮੇਟੀ ਦੇ ਮੁਖੀ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਦੇ ਮਤੇ ਨੂੰ ਰੱਦ ਕਰਨ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ‘ਆਪ’ ਦਾ ਪੰਜਾਬ ਭਰ ਵਿੱਚ ਵਿਰੋਧ ਕੀਤਾ ਜਾਵੇਗਾ।
ਉਧਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਪ੍ਰੋਫੈ਼ਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਰੁਕਾਵਟ ਨਾ ਪਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਗੇ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚੋਂ ਭਾਈ ਦਿਆ ਸਿੰਘ ਲਾਹੌਰੀਆ ਤੇ ਹਰਨੇਕ ਸਿੰਘ ਸਣੇ ਕਈ ਸਿੰਘ ਅੱਜ ਆਪਣੇ ਘਰ-ਪਰਿਵਾਰਾਂ ਵਿੱਚ ਸ਼ਾਂਤਮਈ ਜੀਵਨ ਬਤੀਤ ਕਰ ਰਹੇ ਹਨ।
ਉਨ੍ਹਾਂ ਆਖਿਆ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੇ ਲੰਮਾ ਸਮਾਂ ਭਾਰਤ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟੀ ਹੈ। ਪਿੱਛੋਂ ਪ੍ਰੋ. ਭੁੱਲਰ ਦੇ ਪਰਿਵਾਰ ਨੇ ਵੀ ਸੰਤਾਪ ਹੰਢਾਇਆ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਤੇ ਅਮਨ ਪਸੰਦ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਕੋਸ਼ਿਸ਼ਾਂ ਜਾਰੀ ਹਨ ਤੇ ਭਾਰਤ ਸਰਕਾਰ ਤੋਂ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਅਜਿਹੀ ਆਸ ਕੀਤੀ ਜਾ ਰਹੀ ਹੈ ਕਿ ਭਾਰਤ ਸਰਕਾਰ ਵੀ ਛੇਤੀ ਉਨ੍ਹਾਂ ਸਿੰਘਾਂ ਦੀ ਰਿਹਾਈ ਦਾ ਫੈ਼ਸਲਾ ਲੈ ਸਕਦੀ ਹੈ।
ਇਹ ਵੀ ਪੜ੍ਹੋ: ਕੋਰੋਨਾ ਮਹਾਂਮਾਰੀ ਦੇ ਦੋ ਸਾਲਾਂ ਵਿੱਚ ਦੁਨੀਆ ਦੇ 10 ਸਭ ਤੋਂ ਅਮੀਰ ਲੋਕਾਂ ਦੀ ਦੌਲਤ ਹੋਈ ਦੁੱਗਣੀ: ਰਿਪੋਰਟ 'ਚ ਦਾਅਵਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin