Lawrence Bishnoi Viral Video: ਗੁਜਰਾਤ ਦੀ ਜੇਲ੍ਹ ਅੰਦਰੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਸਾਹਮਣੇ ਆਉਣ ਤੋਂ ਪੰਜਾਬ ਦਾ ਸਿਆਸੀ ਪਾਰਾ ਚੜ੍ਹ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ ਤਾਂ ਆਮ ਆਦਮੀ ਪਾਰਟੀ ਨੇ ਬੀਜੇਪੀ ਦੀ ਅਗਵਾਈ ਵਾਲੀ ਗੁਜਰਾਤ ਸਰਕਾਰ ਉਪਰ ਸਵਾਲ ਖੜ੍ਹੇ ਕਰ ਦਿੱਤੇ।
ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਿਹਾ ਹੈ। ਇਹ ਸਭ ਦੇਖ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬੁੱਲ੍ਹ ਸੀਤੇ ਗਏ ਹਨ। ਕੀ ਉਹ ਅੱਜ ਗੁਜਰਾਤ ਦੀ ਭਾਜਪਾ ਸਰਕਾਰ ਨੂੰ ਪੁੱਛਣਗੇ ਕਿ ਲਾਰੈਂਸ ਅਜਿਹਾ ਕਿਵੇਂ ਕਰ ਰਿਹਾ ਹੈ?
ਨੀਲ ਗਰਗ ਨੇ ਕਿਹਾ ਕਿ ਜਾਖੜ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰਨ। ਗੁਜਰਾਤ ਤੇ ਮਹਾਰਾਸ਼ਟਰ ਤੋਂ ਨਸ਼ੇ ਪੰਜਾਬ ਵਿੱਚ ਆ ਰਹੇ ਹਨ। ਭਾਜਪਾ ਪ੍ਰਧਾਨ ਨੂੰ ਪੰਜਾਬ ਤੇ 'ਆਪ' ਸਰਕਾਰ ਨੂੰ ਬਦਨਾਮ ਕਰਨ ਦੀ ਬਜਾਏ ਸੱਚ 'ਤੇ ਪਹਿਰਾ ਦੇਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਲਾਰੈਂਸ ਦੀ ਵੀਡੀਓ ਕਾਲ ਪੋਸਟ ਕਰਕੇ ਸੀਐਮ ਭਗਵੰਤ ਮਾਨ ਤੇ 'ਆਪ' ਸਰਕਾਰ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪਹਿਲਾਂ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ। ਹੁਣ ਪਾਕਿਸਤਾਨੀ ਗੈਂਗਸਟਰ ਨੂੰ ਈਦ ਦੀ ਵਧਾਈ ਦੇ ਰਿਹਾ ਹੈ।
ਮਜੀਠੀਆ ਨੇ ਕਿਹਾ ਕਿ ਜੇਲ੍ਹ ਤੋਂ ਇੰਟਰਵਿਊ ਦੇਣ ਦੇ ਬਾਵਜੂਦ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰ ਸਕੀ। ਲਾਰੈਂਸ ਦਾ ਗੈਂਗ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਇਸ ਨੂੰ ਆਮ ਆਦਮੀ ਦੀ ਜਾਨ ਲਈ ਖਤਰਾ ਦੱਸਿਆ।
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋਈ ਹੈ। ਇਸ ਵੀਡੀਓ 'ਚ ਉਹ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗਸਟਰ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦਾ ਹੈ ਪਰ ਇਸ ਦੀ ਕਿਸੇ ਵੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ।