ਚੰਡੀਗੜ੍ਹ: ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਚਾਹੇ ਵੀਡੀਓ ਵਾਇਰਲ ਕਰਨ ਦੇ ਮਾਮਲੇ 'ਚ ਮਾਣਹਾਨੀ ਦਾ ਦਾਅਵਾ ਠੋਕਣ ਦੀ ਚੇਤਾਵਨੀ ਦੇ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰੰਧਾਵਾ ਨੇ ਗੁਰੂ ਨਾਨਕ ਸਾਹਿਬ ਬਾਰੇ ਮਾੜੀ ਸ਼ਬਦਾਵਲੀ ਵਰਤੀ ਹੈ। ਇਸ ਲਈ ਐਫਆਈਆਰ ਦਰਜ ਕਰਕੇ ਉਨ੍ਹਾਂ ਗ੍ਰਿਫ਼ਤਾਰ ਕੀਤਾ ਜਾਵੇ।


ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰੰਧਾਵਾ ਨੂੰ ਮੰਤਰੀ ਮੰਡਲ 'ਚੋਂ ਵੀ ਬਾਹਰ ਕੱਢਿਆ ਜਾਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ। ਉਨ੍ਹਾਂ ਨੇ ਕਿਹਾ ਕਿ ਰੰਧਾਵਾ ਨੇ ਗੁਰੂ ਵੀ ਨਹੀ ਬਖਸ਼ਿਆ। ਗੁਰੂ ਨਾਨਕ ਪਾਤਸ਼ਾਹ ਲਈ ਅਜਿਹੇ ਸ਼ਬਦ ਕਦੇ ਵੀ ਬਰਦਾਸ਼ਤ ਨਹੀਂ ਹੋਣਗੇ।

ਉਧਰ, ਕਾਂਗਰਸੀ ਮੰਤਰੀ ਵੀ ਰੰਧਾਵਾ ਨਾਲ ਡਟ ਗਏ ਹਨ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਰੰਧਾਵਾ ਸੱਚੇ-ਸੁੱਚੇ ਇਨਸਾਨ ਹਨ। ਉਹ ਅਜਿਹਾ ਕਦੇ ਵੀ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਰੰਧਾਵਾ ਅੱਜ ਖੁਦ ਹੀ ਇਸ ਮਾਮਲੇ ਨੂੰ ਲੈ ਕੇ ਪੁਲਿਸ ਕੋਲ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦੋ ਸਾਲ ਪੁਰਾਣੀ ਵੀਡੀਓ ਨੂੰ ਐਡਿਟ ਕਰਕੇ ਵਾਇਰਲ ਕੀਤਾ ਗਿਆ ਹੈ। ਉਨ੍ਹਾਂ ਇਸ ਲਈ ਮਾਣਹਾਨੀ ਦੀ ਮੁਕੱਦਮਾ ਠੋਕਣ ਦੀ ਵੀ ਚੇਤਾਵਨੀ ਦਿੱਤੀ।